ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਕਿੱਲੋ 20 ਗਰਾਮ ਹੈਰੋਇਨ ਅਤੇ 23400 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸੁਨੀਲ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ 'ਤੇ ਸਨ | ਉਨ੍ਹਾਂ ਦੱਸਿਆ ਕਿ ਬੱਘੇ ਕੇ ਮੋੜ ਨਾਕੇ ਦੌਰਾਨ ਉਨ੍ਹਾਂ ਇੱਕ ਸ਼ੱਕੀ ਹਾਲਤ 'ਚ ਸਕਾਰਪਿਓ ਗੱਡੀ ਨੂੰ ਰੋਕਿਆ ਤਾਂ ਉਸ 'ਚੋਂ 1 ਕਿੱਲੋ 20 ਗਰਾਮ ਹੈਰੋਇਨ ਬਰਾਮਦ ਹੋਈ | ਗੱਡੀ ਸਵਾਰ ਵਿਅਕਤੀਆਂ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਅਜਨਾਲਾ ਜ਼ਿਲ੍ਹਾ ਸ੍ਰੀ ਅੰਮਿ੍ਤਸਰ ਸਾਹਿਬ, ਸੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਛੀਨਾ ਜ਼ਿਲ੍ਹਾ ਸ੍ਰੀ ਅੰਮਿ੍ਤਸਰ ਸਾਹਿਬ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਖੂਈ ਖੇੜਾ ਦੇ ਇੰਚਾਰਜ ਗੁਰਵਿੰਦਰ ਸਿੰਘ ਨੂੰ ਗੁਪਤ ਇਤਲਾਹ ਮਿਲਣ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਕਮਾਲਵਾਲਾ ਵਿਖੇ ਮਦਨ ਲਾਲ ਪੁੱਤਰ ਪਿ੍ਥੀ ਰਾਮ ਦੇ ਘਰ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਤੋਂ ਕਰੀਬ 23 ਹਜ਼ਾਰ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਾਲ ਦੇ ਪਹਿਲੇ 6 ਮਹੀਨਿਆਂ ਦੇ ਅੰਦਰ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ 381 ਪਰਚੇ ਦਰਜ ਕੀਤੇ ਹਨ ਅਤੇ ਇਸ ਵਿਚ 521 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਮਾਮਲਿਆਂ ਵਿਚ ਹੈਰੋਇਨ, ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਦੇ 25 ਕਥਿਤ ਦੋਸ਼ੀਆਂ ਦੀ 7 ਕਰੋੜ 46 ਲੱਖ 36 ਹਜ਼ਾਰ 647 ਰੁਪਏ ਦੀ ਜਾਇਦਾਦ ਵੀ ਅਟੈਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੀ ਹੈ | ਉੱਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ | ਜਿਸ ਅਧੀਨ 149 ਨੌਜਵਾਨਾਂ ਨੂੰ ਕੇਂਦਰਾਂ ਵਿਚ ਭੇਜਿਆ ਜਾ ਚੁੱਕਿਆ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਉਹ ਪੁਲਿਸ ਦਾ ਸਾਥ ਦੇਣ |