ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਫ਼ਾਜ਼ਿਲਕਾ ਦੀ ਸਮੁੱਚੀ ਟੀਮ ਲੁਧਿਆਣਾ ਉਪ ਚੋਣਾਂ ਵਿਚ ਚੋਣ ਪ੍ਰਚਾਰ ਵਿਚ ਜੁਟੀ ਹੋਈ ਹੈ | ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਸ ਫ਼ਾਜ਼ਿਲਕਾ ਟੀਮ ਵਲ਼ੋਂ ਰਾਜਗੁਰੂ ਨਗਰ ਵਾਰਡ ਨੰਬਰ 58 ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਉਪ ਚੋਣ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਪੱਕੀ ਹੈ ਅਤੇ ਹੁਣ ਕੇਵਲ ਐਲਾਨ ਹੋਣਾ ਬਾਕੀ ਹੈ | ਉਨ੍ਹਾਂ ਨੇ ਆਖਿਆ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨਾਲ ਲੋਕ ਵੱਡੇ ਪੱਧਰ 'ਤੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ ਅਤੇ ਉਹ ਜਾਣਦੇ ਹਨ ਕਿ ਇਹੀ ਇੱਕ ਪਾਰਟੀ ਹੈ | ਜਿਸ ਦੀ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਭਾਵੇਂ ਮੁਫ਼ਤ ਬਿਜਲੀ ਦੀ ਸਹੂਲਤ ਹੋਵੇ ਅਤੇ ਭਾਵੇਂ ਹੁਣ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਭਿ੍ਸ਼ਟਾਚਾਰ ਮੁਕਤ ਕਰਕੇ ਲੋਕ ਪੱਖੀ ਬਣਾਉਣਾ ਹੋਵੇ | ਉਨ੍ਹਾਂ ਆਖਿਆ ਕਿ ਲੁਧਿਆਣਾ ਉਪ ਚੋਣ ਵਿਚ ਪਾਰਟੀ ਉਮੀਦਵਾਰ ਵੱਡੀ ਜਿੱਤ ਦਰਜ ਕਰੇਗਾ |