ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਅਤੇ ਡਾ. ਰਿੰਕੂ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਵਾਧੂ ਚਾਰਜ ਸਿਵਲ ਹਸਪਤਾਲ ਫ਼ਾਜ਼ਿਲਕਾ ਦੀ ਅਗਵਾਈ ਹੇਠ ਮਹੀਨਾ ਭਰ ਚੱਲਣ ਵਾਲੀ ਵਿਸ਼ਵ ਹਾਈਪਰਟੈਂਸ਼ਨ ਮੁਹਿੰਮ ਤਹਿਤ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲ਼ੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਾਈਪਰਟੈਂਸ਼ਨ ਸਬੰਧੀ ਪਿਛਲੇ ਇੱਕ ਮਹੀਨੇ ਤੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਸੈਮੀਨਾਰ, ਰੈਲੀ ਅਤੇ ਸਕਰੀਨਿੰਗ ਕੈਂਪ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਹੀ ਅੱਜ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਦਿਲ ਦੀ ਬਿਮਾਰੀ ਅਤੇ ਬਰੇਨ ਸਟੋ੍ਰਕ ਦਾ ਜੋਖ਼ਮ ਵਧ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਤੋਂ ਬਚਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ, ਸਾਈਕਲ ਚਲਾਉਣਾ ਚਾਹੀਦਾ ਹੈ, ਨਮਕ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ, ਫਾਸਟ ਫੂਡ, ਸ਼ਰਾਬ ਤੇ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ | ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਕੰਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਨੇ ਦੱਸਿਆ ਕਿ ਨਰਸਿੰਗ ਵਿਦਿਆਰਥੀਆਂ ਵਲ਼ੋਂ ਹਾਈਪਰਟੈਂਸ਼ਨ ਹੋਣ ਦੇ ਕਾਰਨ, ਇਸ ਦੇ ਮਨੁੱਖੀ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਓ ਸਬੰਧੀ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਗਿਆ | ਇਸ ਮੌਕੇ ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਆਰਜ਼ੀ ਡਿਊਟੀ, ਦਿਵੇਸ਼ ਕੁਮਾਰ ਬੀ ਈ ਈ, ਹੋਮਿਓਪੈਥੀ ਮੈਡੀਕਲ ਅਫ਼ਸਰ ਗੁਰਮੀਤ ਰਾਏ, ਨਰਸਿੰਗ ਸਿਸਟਰ ਸਨੇਹ, ਮੀਰਾ ਨਰਸਿੰਗ ਕਾਲਜ ਵਲੋਂ ਨੀਤੂ ਬਾਲਾ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ |