ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਐੱਸ.ਡੀ.ਐਮ. ਅਬੋਹਰ ਸ੍ਰੀ ਕਿ੍ਸ਼ਨਾ ਪਾਲ ਰਾਜਪੂਤ ਵੱਲੋਂ ਅੰਤਰਰਾਜੀ ਪੰਜਾਬ-ਰਾਜਸਥਾਨ ਬਾਰਡਰ 'ਤੇ ਪੁਲਿਸ/ਮੰਡੀ ਬੋਰਡ ਵਲੋਂ ਲਗਾਏ ਬੈਰੀਅਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਅਨਾਜ ਮੰਡੀਆਂ ਵਿਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਨੇ ਜ਼ਿਲ੍ਹਾ ਪੁਲੀਸ ਨੂੰ ਸਖ਼ਤ ਚੌਕਸੀ ਰੱਖਣ ਲਈ ਕਿਹਾ | ਉਨ੍ਹਾਂ ਸਮੂਹ ਜ਼ਿਲ੍ਹਾ ਮੰਡੀ ਅਧਿਕਾਰੀਆਂ ਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਮੰਡੀਆਂ ਵਿਚ ਹੋਰਨਾਂ ਸੂਬਿਆਂ ਤੋਂ ਝੋਨੇ ਦੀ ਆਮਦ 'ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ ਹਨ | ਉਨ੍ਹਾਂ ਕਿਹਾ ਕਿ ਰਾਜਸਥਾਨ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿਚ ਬਾਹਰੋਂ ਵੱਡੀ ਮਾਤਰਾ ਵਿਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਨਜ਼ਰਸਾਨੀ ਬਣਾਈ ਰੱਖਣ ਦੀ ਜ਼ਰੂਰਤ ਹੈ | ਉਨ੍ਹਾਂ ਪੁਲੀਸ ਅਫ਼ਸਰਾਂ ਨੂੰ ਗੁਆਂਢੀ ਸੂਬੇ ਨਾਲ ਲਗਦੀਆਂ ਹੱਦਾਂ 'ਤੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਹਨ |