ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਹਰੀਪੁਰਾ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਕੁਲਜਿੰਦਰ ਕੌਰ ਨੇ ਆਪਣੀ ਸ਼ਾਨਦਾਰ ਯੋਗਤਾ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ ਅਤੇ ਨਕਦ ਰਾਸ਼ੀ, ਤਗਮਾ ਤੇ ਸਰਟੀਫਿਕੇਟ ਹਾਸਿਲ ਕੀਤਾ | ਜਦੋਂ ਕਿ ਸ਼ਗਨਦੀਪ ਕੌਰ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕਰਕੇ ਮੈਡਲ ਤੇ ਸਰਟੀਫਿਕੇਟ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਵਿਚ ਜ਼ਿਲ੍ਹਾ ਭਰ ਦੇ ਕਈ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਪਰ ਹਰੀਪੁਰਾ ਡੀ.ਏ.ਵੀ ਦੇ ਵਿਦਿਆਰਥੀਆਂ ਨੇ ਆਪਣੇ ਆਤਮਵਿਸ਼ਵਾਸ, ਗਿਆਨ ਤੇ ਤੇਜ਼ ਬੁੱਧੀ ਨਾਲ ਇੱਕ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾਂ ਹਰਦੀਪ ਕੌਰ ਅਤੇ ਅਮਨਦੀਪ ਕੌਰ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਸੀ | ਮੁਕਾਬਲੇ ਦੌਰਾਨ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨਾਲ ਸਹਾਇਕ ਅਧਿਆਪਕ ਵਜੋਂ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ | ਸਕੂਲ ਚੇਅਰਮੈਨ ਬਲਵੀਰ ਸਿੰਘ ਦਾਨੇਵਾਲੀਆ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ |