ਫ਼ਾਜ਼ਿਲਕਾ, 17 ਅਕਤੂਬਰ(ਦਵਿੰਦਰ ਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਦਰਤੀ ਕਰੋਪੀ ਹੜ੍ਹਾਂ ਤੋਂ ਬਾਅਦ ਲੋਕਾਂ ਦੇ ਪੁਨਰਵਾਸ ਕਰਨ ਦੇ ਨਾਲ-ਨਾਲ ਇਕ ਮਹੀਨੇ ਦੇ ਅੰਦਰ-ਅੰਦਰ ਮੁਆਵਜ਼ਾ ਦੇਣ ਦੇ ਵਾਅਦੇ ਦੀ ਪੂਰਤੀ ਕੀਤੀ ਹੈ | ਪੰਜਾਬ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਘੁਰਕਾਂ, ਜੋੜਕੀ ਕੰਕਰ ਵਾਲੀ, ਅਭੁੰਨ ਸ਼ਿਵਾਨਾ ਤੇ ਓਡੀਆਂ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨੁਕਸਾਨੀਆਂ ਫ਼ਸਲਾਂ ਤੇ ਘਰਾਂ ਦੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦੇਣ ਮੌਕੇ ਕੀਤਾ | ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਖੜ੍ਹੀ ਹੈ ਤੇ ਹਰੇਕ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਕਾਰਜਸ਼ੀਲ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਵਿਸ਼ੇਸ਼ ਤਰਜੀਹ ਸੀ ਕਿ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਅੰਦਰ ਦੀਵਾਲੀ ਮੌਕੇ ਖ਼ੁਸ਼ੀਆਂ ਦੇ ਦੀਵੇ ਬਾਲਣੇ ਹਨ, ਇਸ ਤਹਿਤ ਮੁਆਵਜ਼ਾ ਰਾਸ਼ੀ ਦੀਵਾਲੀ ਤੋਂ ਪਹਿਲਾਂ ਪਹਿਲਾਂ ਦੇਣ ਦਾ ਤਹੱਈਆ ਕੀਤਾ ਗਿਆ ਹੈ | ਉਨ੍ਹਾਂ ਕਿਹਾ ਹੜ੍ਹਾਂ ਤੇ ਭਾਰੀ ਬਾਰਸ਼ਾਂ ਕਰਕੇ ਫ਼ਸਲਾਂ, ਮਕਾਨਾਂ ਤੇ ਪਸ਼ੂ ਧਨ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕਰਨ ਲਈ ਉਹ ਖ਼ੁਦ ਪਿੰਡਾਂ ਵਿਚ ਪਹੁੰਚ ਕਰਕੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਹਰੇਕ ਹੜ੍ਹ ਪੀੜਤ ਨੂੰ ਉਸ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ |