ਫ਼ਿਰੋਜ਼ਪੁਰ, 17 ਅਕਤੂਬਰ (ਰਾਕੇਸ਼ ਚਾਵਲਾ)-ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ 'ਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੀ ਵੰਡ ਤਹਿਤ ਹੁਸੈਨੀ ਵਾਲਾ ਰੈਸਟ ਹਾਊਸ ਵਿਖੇ ਹੋਏ ਸਮਾਗਮ ਵਿਚ 60 ਦੇ ਕਰੀਬ ਲਾਭਪਾਤਰੀਆਂ ਨੂੰ 36.94 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ | ਇਨ੍ਹਾਂ ਲਾਭਪਾਤਰੀਆਂ ਵਿਚ ਪਿੰਡ ਵੀਅਰ, ਕਾਲੂਵਾੜਾ, ਟੇਂਡੀ ਵਾਲਾ, ਗੱਟੀ ਰਾਜੋ ਕੇ, ਨਵੀਂ ਗੱਟੀ ਰਾਜੋ ਕੇ, ਗੱਟੀ ਰਹੀਮੇ ਕੇ ਭੱਖੜਾ ਤੇ ਝੁੱਗੇ ਹਜ਼ਾਰਾ ਸਿੰਘ ਵਾਲਾ ਦੇ ਹੜ੍ਹ ਪ੍ਰਭਾਵਿਤ ਸ਼ਾਮਲ ਸਨ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫ਼ੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਨਤਕ ਹਿਤਾਂ ਨੂੰ ਪਹਿਲ ਦਿੰਦੇ ਹੋਏ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਤਹਿਸੀਲਦਾਰ ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪੰਚਾਇਤਾਂ ਦੇ ਨੁਮਾਇੰਦੇ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |