ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਿਹਾ ਹੈ | ਇਸੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ ਨੇ ਪਿੰਡ ਚੱਕ ਸੈਦੋ ਕੇ, ਘੰਗਾ ਖ਼ੁਰਦ, ਘੰਗਾ ਕਲਾਂ, ਸਵਾਹ ਵਾਲਾ, ਚੱਕ ਸਵਾਹ ਵਾਲਾ, ਲਧੂ ਵਾਲਾ ਆਦਿ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਹਿਤ ਲਗਾਤਾਰ ਕਾਰਜਸ਼ੀਲ ਹੈ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਲਗਾਤਾਰ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਿਹਾ ਹੈ ਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ | ਇਸ ਮੌਕੇ ਖੇਤੀਬਾੜੀ ਅਫ਼ਸਰ ਮੈਡਮ ਮਮਤਾ, ਏ. ਡੀ. ਓ. ਲਵਪ੍ਰੀਤ ਸਿੰਘ, ਏ. ਡੀ. ਓ. ਆਸ਼ੂ ਬਾਲਾ, ਨੋਡਲ ਅਫ਼ਸਰ ਸੰਦੀਪ ਕੁਮਾਰ, ਏ.ਐੱਸ.ਆਈ. ਸੁਰਿੰਦਰ ਕੰਬੋਜ ਅਤੇ ਹਰਸ਼ਵਿੰਦਰ ਸਿੰਘ ਨੰਬਰਦਾਰ ਚੱਕ ਸੈਦੋ ਕੇ ਮੌਜੂਦ ਸਨ |