ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲਗਾਤਾਰ ਕਿਸਾਨਾਂ ਨਾਲ ਮਿਲ ਕੇ ਝੋਨੇ ਦੀ ਪਰਾਲੀ ਤੇ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਢੁਕਵੇਂ ਤਰੀਕੇ ਨਾਲ ਹੱਲ ਕਰਨ ਲਈ ਜਾਗਰੂਕਤਾ ਪੈਦਾ ਕਰ ਰਿਹਾ ਹੈ | ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਪਿੰਡ ਨੁਕੇਰੀਆਂ, ਪਾਲੀ ਵਾਲਾ, ਚੱਕ ਪਾਲੀ ਵਾਲਾ, ਕੁੰਡਲ, ਖੈਰਪੁਰ, ਸੀਤੋ ਗੰੁਨੋ੍ਹ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਤਰੀਕਿਆਂ ਰਾਹੀਂ ਪਰਾਲੀ ਦਾ ਨਿਪਟਾਰਾ ਕਰਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਤੇ ਸਾਡੀ ਸੋਨੇ ਵਰਗੀ ਧਰਤੀ ਜੋ ਕਿ ਸਾਨੂੰ ਅੰਨ ਪ੍ਰਦਾਨ ਕਰਦੀ ਹੈ, ਨੂੰ ਅੱਗ ਲਗਾ ਕੇ ਅੰਦਰੂਨੀ ਪੋਸ਼ਕੀ ਤੱਤ ਖ਼ਤਮ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਤੇ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ 'ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵਰਤੋਂ ਕਰਨ | ਉਨ੍ਹਾਂ ਪਿੰਡ ਕੁੰਡਲ ਦੇ ਕਿਸਾਨ ਲਾਭ ਸਿੰਘ ਦੇ ਖੇਤ ਵਿਚ ਜਾ ਕੇ 10 ਏਕੜ ਫ਼ਸਲ ਦੀ ਬਿਜਾਈ ਖੇਤੀਬਾੜੀ ਮਸ਼ੀਨਰੀ ਸੁਪਰ ਸੀਡਰ ਨਾਲ ਕਰਵਾਈ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨ ਵੀਰ ਵਾਤਾਵਰਨ ਪ੍ਰੇਮੀ ਬਣਦੇ ਹੋਏ ਪਰਾਲੀ ਨੂੰ ਜ਼ਮੀਨ ਵਿਚ ਹੀ ਵਹਾਉਣ |