ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਫ਼ਾਜ਼ਿਲਕਾ ਦੀ ਵਸਨੀਕ ਡਾ. ਕਵਿਤਾ ਨੂੰ ਤਰੱਕੀ ਦੇ ਕੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਸਿਵਲ ਸਰਜਨ ਨਿਯੁਕਤ ਕੀਤਾ ਹੈ | ਡਾ. ਕਵਿਤਾ ਜੋ ਕਿ ਫ਼ਾਜ਼ਿਲਕਾ ਦੇ ਪ੍ਰਸਿੱਧ ਸਰਜਨ ਡਾ.ਐਮ.ਐਮ.ਸਿੰਘ ਦੀ ਧਰਮ-ਪਤਨੀ ਹੈ, ਨੇ ਐਮ.ਬੀ.ਬੀ.ਐੱਸ ਕਰਕੇ ਪਿੰਡ ਕਰਨੀ ਖੇੜਾ ਅਤੇ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਸਿਹਤ ਵਿਭਾਗ ਅੰਦਰ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ | ਨੌਕਰੀ ਦਰਮਿਆਨ ਹੀ ਉਨ੍ਹਾਂ ਐਮ.ਡੀ.ਐਨਥੀਸਿਆ ਦੀ ਡਿਗਰੀ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਤੋਂ ਹਾਸਿਲ ਕੀਤੀ | ਉਸ ਉਪਰੰਤ ਫ਼ਾਜ਼ਿਲਕਾ ਸਿਵਲ ਹਸਪਤਾਲ ਅੰਦਰ ਹੀ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ | ਜਦ ਫ਼ਾਜ਼ਿਲਕਾ ਅੰਦਰ ਕੋਈ ਵੀ ਐਨਥੀਸਿਆ ਦਾ ਡਾਕਟਰ ਨਹੀਂ ਸੀ, ਵਿਭਾਗ ਦੀਆਂ ਤਰੱਕੀਆਂ ਮਿਲਣ ਉਪਰੰਤ ਹੁਣ ਉਹ ਇਸ ਸਮੇਂ ਐੱਸ.ਐਮ.ਓ.ਮਮਦੋਟ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ | ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪਦ ਉੱਨਤ ਕਰਕੇ ਬਤੌਰ ਪੱਕਿਆਂ ਸਿਵਲ ਸਰਜਨ ਬਣਾ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਨਿਯੁਕਤ ਕੀਤਾ ਹੈ | ਮੈਡੀਕਲ ਖੇਤਰ 'ਚ ਉਨ੍ਹਾਂ ਦੀ ਇਸ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਆਪਣਾ ਕੰਮ ਕਰਨਗੇ | ਉਨ੍ਹਾਂ ਸਿਹਤ ਵਿਭਾਗ ਦੇ ਸਟਾਫ਼ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫ਼ਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਮੁਖੀ ਹੋਣ ਦੇ ਨਾਤੇ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਮੇਰਾ ਮੁੱਖ ਮਕਸਦ ਹੋਵੇਗਾ | ਜ਼ਿਲੇ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਅÏਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਜੱਚਾ ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਆਪਣਾ ਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ਼ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਆਧਾਰ 'ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ |