16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਉੱਤਰ ਪ੍ਰਦੇਸ਼ 'ਚ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ- ਜਥੇਦਾਰ ਗੜਗੱਜ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਿਛਲੇ ਸਮੇਂ ਵਿਚ ਅਰੰਭੀ 'ਖ਼ੁਆਰ ਹੋਏ ਸਭ ਮਿਲੈਂਗੇ' ਧਰਮ ਪ੍ਰਚਾਰ ਮੁਹਿੰਮ ਤਹਿਤ ਬੀਤੇ ਦਿਨ ਉਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ੍ਹ ਦੇ ਪਿੰਡ ਪਨਿਆਲੀ ਕਾਸਿਮਪੁਰ ਵਿਖੇ ਸਥਿਤ ਛੇਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਵਿਖੇ ਪੁੱਜੇ ਤੇ ਬਾਬਾ ਰਣਜੀਤ ਸਿੰਘ ਪਨਿਆਲੀ ਅਤੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਦਸ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਸੰਖੇਪ ਰੂਪ ਵਿਚ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਇਸ ਇਲਾਕੇ ਵਿਚ ਗੁਰੂ ਕਾਲ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਮੇਂ ਤੋਂ ਹੀ ਸਿੱਖੀ ਦੀਆਂ ਜੜ੍ਹਾਂ ਮੌਜੂਦ ਹਨ | ਉਨ੍ਹਾਂ ਉੱਤਰ ਪ੍ਰਦੇਸ਼ ਵੱਸਦੇ ਸਿੱਖ ਪਰਿਵਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਅਤੇ ਆਪਣੀ ਨਵੀਂ ਪੀੜ੍ਹੀ ਨੂੰ ਸਾਬਤ ਸੂਰਤ ਬਣਾਉਣ ਅਤੇ ਸਮੂਹ ਸੰਗਤਾਂ ਨੂੰ ਅੰਮਿ੍ਤਪਾਨ ਕਰਕੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਦਿਆਂ ਇਕ ਦੂਜੇ ਦੇ ਦੁੱਖ ਸੁੱਖ ਵਿਚ ਸ਼ਾਮਿਲ ਦੀ ਵੀ ਤਾਕੀਦ ਕੀਤੀ | ਇਸ ਮੌਕੇ ਇਲਾਕਾ ਨਿਵਾਸੀ ਸੰਗਤਾਂ ਨੇ ਕਿਹਾ ਕਿ ਇਲਾਕੇ ਵਿਚ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਬੇਸ਼ੱਕ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਵਲੋਂ ਕੀਤਾ ਜਾ ਰਿਹਾ ਹੈ, ਪ੍ਰੰਤੂ ਹੋਰ ਪ੍ਰਚੰਡ ਯਤਨਾਂ ਦੀ ਲੋੜ ਹੈ, ਜਿਸ 'ਤੇ ਜਥੇਦਾਰ ਨੇ ਸੰਗਤਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਇਲਾਕੇ ਵਿਚ ਹੋਰ ਗੁਰਮਤਿ ਸਮਾਗਮ ਉਲੀਕੇ ਜਾਣਗੇ ਅਤੇ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ | ਇਸ ਮੌਕੇ ਬਾਬਾ ਰਣਜੀਤ ਸਿੰਘ ਪਨਿਆਲੀ ਤੇ ਹੋਰ ਪ੍ਰਬੰਧਕਾਂ ਵਲੋਂ ਜਥੇਦਾਰ ਗੜਗੱਜ ਨੂੰ ਸ੍ਰੀ ਸਾਹਿਬ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਅਜੀਤ ਸਿੰਘ ਤੇ ਸਹਾਰਨਪੁਰ ਜ਼ਿਲ੍ਹੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡਾਇਓਸੀਸੀਅਨ ਵੂਮੈਨਜ਼ ਫੈਲੋਸ਼ਿਪ ਫਾਰ ਕ੍ਰਿਸਚੀਅਨ ਸਰਵਿਸ ਕਮੇਟੀ ਦੀ ਚੋਣ ਹੋਈ ਅਗਲੀ ਖ਼ਬਰ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਹੀ ਗੋਦ ਲੈਣਾ ਚਾਹੀਦਾ- ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।