ਅੰਮਿ੍ਤਸਰ, 16 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਸਵੰਤ ਸਿੰਘ ਈਸੇਵਾਲ ਦੀ ਪੁਸਤਕ 'ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ' ਦਿਨ ਲੋਕ ਅਰਪਿਤ ਕੀਤੀ ਗਈ | ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ | ਬੀਤੇ ਦਿਨੀਂ ਪੁਸਤਕ ਜਾਰੀ ਕਰਨ ਮੌਕੇ ਸ. ਧਾਮੀ ਨੇ ਕਿਹਾ ਕਿ ਸੰਨ੍ਹ 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਸਿੱਖਾਂ ਨੂੰ ਜਾਨ ਤੋਂ ਪਿਆਰੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਵਿਛੜ ਗਏ, ਜਿਨ੍ਹਾਂ ਦੇ ਦਰਸ਼ਨਾਂ ਤੇ ਸੇਵਾ-ਸੰਭਾਲ ਦਾ ਦਾਨ ਖ਼ਾਲਸਾ ਪੰਥ ਰੋਜ਼ ਅਰਦਾਸ ਵਿਚ ਮੰਗਦਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਅਜਿਹੀਆਂ ਹਨ, ਜੋ ਵੀਜ਼ਾ ਦੀ ਔਖੀ ਪ੍ਰਕਿਰਿਆ ਕਾਰਨ ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੀਆਂ ਹਨ ਤੇ ਸਾਡੀ ਅਗਲੀ ਪੀੜ੍ਹੀ ਵਿਚ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਪਾਕਿਸਤਾਨ ਸਥਿਤ ਬਹੁਤੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਈਸੇਵਾਲ ਦੀ ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਯਾਦਗਾਰਾਂ ਦੀ ਜਾਣਕਾਰੀ ਹੈ ਤੇ ਇਹ ਪੁਸਤਕ ਸਿੱਖ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਸ. ਈਸੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਗੁਰਨਾਮ ਸਿੰਘ ਜੱਸਲ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ ਆਦਿ ਵੀ ਹਾਜ਼ਰ ਸਨ |