15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਨਸ਼ਾ ਛੁਡਾਊ ਕੇਂਦਰ ਅੰਮਿ੍ਤਸਰ ਦਾ ਦੌਰਾ

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅੰਮਿ੍ਤਸਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਨਾਲ ਹੀ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਰਾਜ ਸਰਕਾਰ ਇਸ ਯੁੱਧ ਵਿਚ ਫ਼ਤਿਹ ਹਾਸਲ ਕਰੇਗੀ | ਉਨ੍ਹਾਂ ਇਸ ਮੌਕੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਅੰਮਿ੍ਤਸਰ ਜ਼ਿਲ੍ਹੇ ਵਲੋਂ ਕੀਤੀਆਂ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਅਧਿਕਾਰੀਆਂ ਦੀ ਪਿੱਠ ਥਾਪੜੀ | ਇਸ ਮੌਕੇ ਉਨ੍ਹਾਂ ਚੇਅਰਮੈਨਾ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਤੇ ਸਿਹਤ ਵਿਭਾਗ ਵਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜਾਂ ਦੀ ਗਿਣਤੀ ਵਧੀ ਹੈ | ਡਾ. ਸਿੰਘ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਵਿਚ 5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਤਹਿਤ ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ |
ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿਚ ਕਾਫ਼ੀ ਕਮੀ ਆਈ ਹੈ | ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫ਼ੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ |
ਇਸੇ ਦੌਰਾਨ ਸਿਹਤ ਮੰਤਰੀ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜ਼ਿਲ੍ਹੇ ਦੇ ਹਰ ਸ਼ਹਿਰ ਤੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਲਗਾਤਾਰ ਨਮੂਨੇ ਭਰਨ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਪਾਣੀ ਸਾਫ਼ ਕਰਨ ਵਾਲੇ ਆਰ. ਓ. ਲੱਗੇ ਹੋਏ ਹਨ ਉਨ੍ਹਾਂ ਦੀ ਸਹੀ ਦੇਖ-ਰੇਖ ਕੀਤੀ ਜਾਵੇ | ਇਸ ਮੀਟਿੰਗ ਦੌਰਾਨ ਡੀ. ਸੀ. ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸਿਹਤ ਮੰਤਰੀ ਨੂੰ ਜ਼ਿਲ੍ਹੇ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਕੀਤੇ ਗਏ ਕੰਮਾਂ ਲਈ ਵਿਸਥਾਰ ਵਿਚ ਜਾਣੂੰ ਕਰਵਾਇਆ | ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਡਾ. ਜਸਬੀਰ ਸਿੰਘ ਸੰਧੂ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ, ਸਿਵਲ ਸਰਜਨ ਡਾ. ਕਿਰਨਦੀਪ ਕੌਰ, ਲੋਕ ਸਭਾ ਇੰਚਰਾਜ ਜਸਕਰਨ ਸਿੰਘ ਬੰਦੇਸ਼ਾ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਬਲਜਿੰਦਰ ਸਿੰਘ ਥਾਂਦੇ ਤੇ ਅਰਵਿੰਦਰ ਸਿੰਘ ਭੱਟੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪਾਣੀ, ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਤੇ ਪ੍ਰਾਪਰਟੀ ਟੈਕਸ ਭਰਨ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।