ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਤੇ ਆਮ ਲੋਕਾਂ ਦੀ ਨੂੰ ਰਾਹਤ ਦੇਣ ਲਈ ਐੱਸ.ਡੀ.ਐੱਮ. ਦਫ਼ਤਰ ਅਜਨਾਲਾ ਵਿਖੇ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਮਾਰੋਹ ਵਿਚ ਉਚੇਚੇ ਤੌਰ 'ਤੇ ਪਹੁੰਚੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਗੋਇਲ ਵਲੋਂ ਰਮਦਾਸ ਨੇੜਲੇ ਪਿੰਡ ਕੋਟਲੀ ਜਮੀਤ ਸਿੰਘ ਅਤੇ ਦਾਦੜਾ (ਬੇਚਿਰਾਗ਼) ਦੇ 28 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 24 ਲੱਖ ਰੁਪਏ ਰਾਹਤ ਰਾਸ਼ੀ ਦੇ ਚੈੱਕ ਵੰਡੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿਥੀ ਸਮਾਂ ਹੱਦ ਤੋਂ ਪਹਿਲਾਂ ਕਰੀਬ 30 ਦਿਨਾਂ ਦੇ ਅੰਦਰ-ਅੰਦਰ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕੀਤਾ ਸੀ, ਜਿਸ ਨੂੰ ਸਮੇਂ ਤੋਂ ਪਹਿਲਾਂ ਹੀ 13 ਅਕਤੂਬਰ ਨੂੰ ਅਜਨਾਲਾ ਹਲਕੇ ਵਿਚ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਦਰਿਆਵਾਂ ਵਿਚ 85 ਥਾਵਾਂ ਦੀ ਨਿਸ਼ਾਨਦੇਹੀ ਕੀਤੀ ਹੈ, ਜਿਨ੍ਹਾਂ ਵਿਚ 'ਡੀਸਿਲਟਿੰਗ' ਕਰਵਾਈ ਜਾਵੇਗੀ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਕਾਰਨ ਪਹਿਲਾਂ ਹੀ ਹਲਕਾ ਅਜਨਾਲਾ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ ਪਰ ਹੁਣ ਪਤਾ ਲੱਗਾ ਹੈ ਕਿ ਕਿਸਾਨਾਂ ਦੇ ਵੱਡੀ ਗਿਣਤੀ ਵਿਚ ਟਿਊਬਵੈੱਲ ਵੀ ਪਾੜ ਰਹੇ ਹਨ, ਜਿਸ ਕਾਰਨ ਕਿਸਾਨਾਂ ਉੱਪਰ ਲੱਖਾਂ ਰੁਪਏ ਦਾ ਬੋਝ ਪੈ ਰਿਹਾ ਹੈ, ਉਹ ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਜਿਹੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਅਪੀਲ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਐੱਸ.ਡੀ.ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਗੁਰਮੁਖ ਸਿੰਘ, ਨਾਇਬ ਤਹਿਸੀਲਦਾਰ ਅਭੀਨਵ ਤਿਵਾੜੀ, ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਸਰਪੰਚ ਪਿ੍ਥੀਪਾਲ ਸਿੰਘ ਘੋਹਨੇਵਾਲਾ, ਸਰਪੰਚ ਲਾਲੀ ਸ਼ਾਹ ਨਾਨੋਕੇ, ਅਜੈਬ ਸਿੰਘ ਭੁੱਲਰ ਆਦਿ ਹਾਜ਼ਰ ਸਨ |