ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਅੰਮਿ੍ਤਸਰ ਵਲੋਂ ਸੂਬਾ ਕਮੇਟੀ ਮੈਂਬਰ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਉਪਰੰਤ ਡਿਪਟੀ ਕਮਿਸ਼ਨਰ ਨੂੰ 'ਰੋਸ ਪੱਤਰ' ਸੌਂਪਿਆ | ਇਸ ਮੌਕੇ ਹਾਜ਼ਰ ਡੀ. ਐੱਮ. ਐੱਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਨਿਰਮਲ ਸਿੰਘ, ਰਾਜੇਸ਼ ਪਰਾਸ਼ਰ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਹੁੰਦੇ ਐਲਾਨਾਂ ਅਨੁਸਾਰ ਬਣਦੇ 58 ਫੀਸਦੀ ਡੀ. ਏ. (ਮਹਿੰਗਾਈ ਭੱਤਾ) ਦੀ ਥਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 42 ਫੀਸਦੀ ਡੀ. ਏ. ਹੀ ਮਿਲ ਰਿਹਾ ਹੈ ਅਤੇ ਡੀ. ਏ. ਦੇ ਬਕਾਏ ਵੀ ਪੈਂਡਿੰਗ ਪਏ ਹਨ | ਆਗੂਆਂ ਨੇ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ 18-10-2022 ਦੇ ਨੋਟੀਫਿਕੇਸ਼ਨ ਨੂੰ ਹਕੀਕੀ ਰੂਪ ਵਿਚ ਲਾਗੂ ਕਰਦਿਆਂ ਨੈਸ਼ਨਲ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ 'ਤੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਤੁਰੰਤ ਬਹਾਲ ਕਰੇ | ਬਿਕਰਮਜੀਤ ਸਿੰਘ, ਕੁਲਦੀਪ ਵਰਨਾਲੀ, ਹਰਪ੍ਰੀਤ ਨਿਰੰਜਨਪੁਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਪਿਛਲੇ 9 ਸਾਲਾਂ ਤੋਂ ਲਟਕਾਈ ਛੇਵੇਂ ਪੰਜਾਬ ਪੇ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਰਿਪੋਰਟ (ਸਮੇਤ ਕਾਡਰ ਵਾਇਜ਼ ਤੇ ਵਿਭਾਗ ਵਾਇਜ਼) ਮੁਕੰਮਲ ਰੂਪ ਵਿਚ ਜਾਰੀ ਕੀਤੀ ਜਾਵੇ | ਇਸ ਮੌਕੇ ਨਿਰਮਲ ਸਿੰਘ, ਰਾਜੇਸ਼ ਪਰਾਸ਼ਰ, ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ ,ਬਿਕਰਮਜੀਤ ਸਿੰਘ, ਕੁਲਦੀਪ ਵਰਨਾਲੀ, ਪ੍ਰਦੀਪ ਝੰਜੋਟੀ, ਨਵਤੇਜ ਸਿੰਘ ,ਸੁਲੱਖਣ ਸਿੰਘ, ਸੰਦੀਪ ਸਿੰਘ, ਲਖਵਿੰਦਰ ਸਿੰਘ, ਮਨੀਸ਼ ਪੀਟਰ, ਨਰੇਸ਼ ਕੁਮਾਰ, ਲੈਕਚਰਾਰ ਮਨਪ੍ਰੀਤ ਸਿੰਘ, ਹਰਪ੍ਰੀਤ ਨਿਰੰਜਨਪੁਰ, ਮਨਿੰਦਰ ਸਿੰਘ ਬੋੜੂ, ਵਿਸ਼ਾਲ ਕਪੂਰ ਲਕਸ਼ਮਣਸਰ, ਵਿਕਾਸ ਚੌਹਾਨ ਆਦਿ ਸਾਥੀ ਹਾਜ਼ਰ ਸਨ |