ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੀ ਪਰਿਕਰਮਾ ਵਿਚ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਗਿਆ | ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਵਲੋਂ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਘਰ ਦੇ ਅਨਿੰ੍ਹਨ ਸੇਵਕ ਬਾਬਾ ਬੁੱਢਾ ਜੀ ਨੇ ਆਪਣੀ 125 ਸਾਲ ਦੀ ਦੁਨਿਆਵੀ ਉਮਰ ਵਿਚੋਂ 113 ਸਾਲ ਗੁਰੂ ਘਰ ਵਿਖੇ ਸੇਵਾ ਤੇ ਬੰਦਗੀ ਕੀਤੀ | ਉਨ੍ਹਾਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੁਆਰਾ ਦਰਸਾਏ ਸੇਵਾ ਤੇ ਸਿਮਰਨ ਤੋਂ ਪ੍ਰੇਰਨਾ ਲੈ ਕੇ ਗੁਰਸਿੱਖੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਵਲੋਂ ਸਿੰਘ ਸਾਹਿਬ ਤੇ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |