ਛੇਹਰਟਾ, 4 ਨਵੰਬਰ (ਪੱਤਰ ਪ੍ਰੇਰਕ)- ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਹੋਇਆ ਸੀ | ਉਕਤ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ 6 ਨਵੰਬਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਪੁੱਜੇਗਾ ਤੇ ਰਾਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਸ਼ਰਾਮ ਕਰਨ ਤੋਂ ਬਾਅਦ 7 ਨਵੰਬਰ ਨੂੰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰਵਾਨਾ ਹੋਵੇਗਾ | ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਖੈਰਾਂਬਾਦ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਨਗਰ ਕੀਰਤਨ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ |