ਅੰਮਿ੍ਤਸਰ, 4 ਨਵੰਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਹਰੇਕ ਵਿਅਕਤੀ ਨੂੰ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ ਕਿਉਂਕਿ ਸਰਕਾਰੀ ਸਕੀਮਾਂ ਦੀ ਸੇਵਾ ਵਿਚ ਜੇਕਰ ਕੋਈ ਕਮੀ ਰਹਿ ਜਾਂਦੀ ਹੈ ਤਾਂ ਸਰਕਾਰ ਦੇ ਅਕਸ 'ਤੇ ਇਸ ਦਾ ਮਾੜਾ ਪ੍ਰਭਾਵ ਪੈਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਈ ਸੇਵਾ ਪੈਡੈਂਸੀ ਨੂੰ ਤੁਰੰਤ ਖ਼ਤਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 10 ਦਿਨਾਂ ਦੇ ਅੰਦਰ ਅੰਦਰ ਈ ਸੇਵਾ ਪੈਡੈਂਸੀ ਦੀ ਮੁੜ ਸਮੀਖਿਆ ਕੀਤੀ ਜਾਵੇਗੀ | ਉਨ੍ਹਾਂ ਸਪਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਲੰਬਿਤ ਸੇਵਾ ਚਾਹੇ ਕਿਸੇ ਵੀ ਪੱਧਰ ਤੇ ਕਿਉਂ ਨਾ ਹੋਵੇ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੁੰਦੀ ਹੈ | ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕਿ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਜ਼ਿਲ੍ਹੇ ਦੇ ਹਰੇਕ ਲਾਭਪਾਤਰੀ ਤੱਕ ਪੁੱਜਣੀ ਚਾਹੀਦੀ ਹੈ ਅਤੇ ਇਸ ਸੰਬੰਧੀ ਸੰਬੰਧਤ ਵਿਭਾਗ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕੰਮ ਕਰਨ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, ਸ੍ਰੀਮਤੀ ਅਮਨਦੀਪ ਕੌਰ ਵਧੀਕ ਕਮਿਸ਼ਨਰ, ਨਗਰ ਨਿਗਮ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਅਤੇ ਮਨਕੰਵਲ ਸਿੰਘ ਚਾਹਲ, ਐੱਸ:ਡੀ:ਐੱਮ ਬਾਬਾ ਬਕਾਲਾ ਅਮਨਦੀਪ ਸਿੰਘ, ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਜੰਗਲਾਤ ਅਫਸਰ ਰਾਕੇਸ਼ ਕੁਮਾਰ, ਉਪ ਅਰਥ ਅੰਕੜਾ ਸਲਾਹਕਾਰ ਅਰੁਣ ਮਹਾਜਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਨਵਰਾਜ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਆਦਿ ਹਾਜ਼ਰ ਸਨ |