21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜਥੇਦਾਰ ਗੜਗੱਜ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥਾ ਰਵਾਨਾ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਵਿ:ਪ੍ਰ:)-ਪਾਕਿਸਤਾਨ ਸਥਿਤ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਕਮੇਟੀ ਦੇੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ | ਇਸ ਮੌਕੇ ਜਥੇਦਾਰ ਗੜਗੱਜ ਵਲੋਂ ਅਰਦਾਸ ਕੀਤੀ ਗਈ ਜਦਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਫੁੰਮਣ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰਾਂ ਨੇ ਜਥੇ ਦੇ ਆਗੂਆਂ ਤੇ ਸ਼ਰਧਾਲੂਆਂ ਨੂੰ ਸਿਰੋਪਾਓ ਭੇਟ ਕੀਤੇ | ਜਥੇ ਨਾਲ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ, ਡਿਪਟੀ ਲੀਡਰ ਵਜੋਂ ਗੁਰਮੀਤ ਸਿੰਘ ਬੂਹ, ਰਾਮਪਾਲ ਸਿੰਘ ਬਹਿਣੀਵਾਲ ਤੇ ਜਨਰਲ ਪ੍ਰਬੰਧਕ ਸੁਪਰਵਾਈਜ਼ਰ ਨਿਸ਼ਾਨ ਸਿੰਘ ਸ਼ਾਮਿਲ ਹਨ | ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਸਿੱਖ ਦੇ ਮਨ ਦੀ ਰੀਝ ਹੈ ਕਿ ਉਹ ਪਾਕਿਸਤਾਨ ਸਥਿਤ ਆਪਣੇ ਗੁਰਧਾਮਾਂ ਦੇ ਦਰਸ਼ਨ ਕਰੇ | ਉਨ੍ਹਾਂ ਸਰਕਾਰਾਂ ਨੂੰ ਜਥਿਆਂ ਨੂੰ ਬੇਰੋਕ ਜਾਰੀ ਰੱਖਣ ਤੇ ਖੁਲ੍ਹਦਿਲੀ ਨਾਲ ਵੀਜ਼ੇ ਦੇਣ ਦੀ ਅਪੀਲ ਵੀ ਕੀਤੀ | ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰਦਿਆ ਕਿਹਾ ਕਿ ਇਹ ਕੇਵਲ ਲਾਂਘਾ ਹੀ ਨਹੀਂ ਸਗੋਂ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਦਿਲਾਂ ਦੀ ਸ਼ਾਂਝ ਵੀ ਹੈ, ਜਿਸ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ | ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਵਿਸ਼ਵ ਭਰ 'ਚ ਅਮਨ ਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ | ਇਸ ਮੌਕੇ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਵਾਰ 1796 ਸ਼ਰਧਾਲੂਆਂ ਨੂੰ ਪਾਕਿਸਤਾਨ ਵਲੋਂ ਵੀਜ਼ੇ ਦਿੱਤੇ ਗਏ ਹਨ | ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਮੂਲੀਅਤ ਕਰੇਗਾ | ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁ: ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁ: ਕਰਤਾਰਪੁਰ ਸਾਹਿਬ ਨਾਰੋਵਾਲ, ਗੁ: ਸ੍ਰੀ ਰੋੜੀ ਸਾਹਿਬ ਐਮਨਾਬਾਦ ਤੇ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ | ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ,ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ ਸਮੇਤ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨਾ ਮੰਦਭਾਗਾ : ਫ਼ੋਕਲੋਰ ਰਿਸਰਚ ਅਕਾਦਮੀ ਅਗਲੀ ਖ਼ਬਰ ਪਾਕਿ 'ਚ ਸੁਪਰੀਮ ਕੋਰਟ ਦੀ ਇਮਾਰਤ 'ਚ ਧਮਾਕਾ-12 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।