ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਇਸ ਗੰਭੀਰ ਦੌਰ ਵਿਚ ਵਿਦੇਸ਼ਾਂ ਵਿਚ ਫ਼ਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਘੋਰ ਜ਼ਿੰਮੇਵਾਰੀ ਤੋਂ ਭੱਜਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਸ. ਬ੍ਰਹਮਪੁਰਾ ਨੇ ਕਿਹਾ ਕਿ ਮੌਜੂਦਾ ਤੱਥਾਂ ਅਨੁਸਾਰ ਇਹ ਬਿਲਕੁਲ ਸਪੱਸ਼ਟ ਹੈ ਕਿ ਇਜ਼ਰਾਈਲ ਅਤੇ ਈਰਾਨ ਦੋਵਾਂ ਦੇਸ਼ਾਂ ਵਿਚ ਸਾਡੇ ਪੰਜਾਬ ਦੇ ਵੱਡੀ ਗਿਣਤੀ ਨਾਗਰਿਕ ਮੌਜੂਦ ਹਨ | ਖ਼ਾਸ ਤੌਰ 'ਤੇ ਇਜ਼ਰਾਈਲ ਵਿਚ ਨਰਸਾਂ, ਕੇਅਰਗਿਵਰਜ਼ ਅਤੇ ਉਸਾਰੀ ਖੇਤਰ ਦੇ ਕਾਮਿਆਂ ਵਜੋਂ ਪੰਜਾਬੀ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਕੰਮ ਕਰ ਰਹੇ ਹਨ | ਜੰਗ ਦੇ ਇਸ ਅਤਿਅੰਤ ਖ਼ਤਰਨਾਕ ਮਾਹੌਲ ਵਿਚ ਜਦੋਂ ਉਨ੍ਹਾਂ ਦੀਆਂ ਜਾਨਾਂ ਦਾਅ 'ਤੇ ਲੱਗੀਆਂ ਹੋਈਆਂ ਹਨ ਤਾਂ ਆਪਣੇ ਸੂਬੇ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਕਿਸੇ ਵੀ ਜਿੰਮੇਵਾਰ ਮੁੱਖ ਮੰਤਰੀ ਦੀ ਸਭ ਤੋਂ ਪਹਿਲੀ ਅਤੇ ਅਹਿਮ ਤਰਜੀਹ ਹੁੰਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਅਤੇ ਮੰਦਭਾਗਾ ਹੈ ਕਿ ਇਕ ਪਾਸੇ ਜਿੱਥੇ ਭਾਰਤ ਦੇ ਬਾਕੀ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਆਪਣੇ-ਆਪਣੇ ਸੂਬਿਆਂ ਦੇ ਲੋਕਾਂ ਦੀ ਵਾਪਸੀ ਤੇ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੇ ਹਨ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਬਣਾ ਰਹੇ ਹਨ, ਉੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹੀ ਲੋਕਾਂ ਦੀ ਸੁਰੱਖਿਆ ਦੀ ਕੋਈ ਪ੍ਰਵਾਹ ਨਹੀਂ | ਉਨ੍ਹਾਂ ਦਾ ਸਾਰਾ ਧਿਆਨ ਕੇਵਲ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵਿਧਾਨ ਸਭਾ ਚੋਣਾਂ ਵਿਚ ਹੋਈ ਨਮੋਸ਼ੀ ਭਰੀ ਹਾਰ ਤੋਂ ਬਾਅਦ ਉਨ੍ਹਾਂ ਨੂੰ ਰਾਜ ਸਭਾ ਪਹੁੰਚਾਉਣ ਦੇ ਇਕੋ-ਇਕ ਸਿਆਸੀ ਏਜੰਡੇ 'ਤੇ ਕੇਂਦਰਿਤ ਹੈ | ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੂਰਾ ਜ਼ੋਰ ਇਸ ਵੇਲੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਲੱਗਾ ਹੋਇਆ ਹੈ ਤਾਂ ਜੋ ਕੇਜਰੀਵਾਲ ਲਈ ਰਾਜ ਸਭਾ ਦਾ ਰਾਹ ਪੱਧਰਾ ਕੀਤਾ ਜਾ ਸਕੇ | ਉਨ੍ਹਾਂ ਅੱਗੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਜਦੋਂ ਸਾਡੇ ਪੰਜਾਬੀ ਭਰਾ-ਭੈਣ ਵਿਦੇਸ਼ੀ ਧਰਤੀ 'ਤੇ ਚੱਲ ਰਹੀ ਜੰਗ ਦੇ ਮਾਹੌਲ ਵਿਚ ਫ਼ਸੇ ਹੋਏ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪੂਰੀ ਪਾਰਟੀ ਆਪਣੇ ਸਿਆਸੀ ਏਜੰਡੇ ਨੂੰ ਲੋਕਾਂ ਦੀ ਜਾਨ ਤੋਂ ਵੀ ਵੱਧ ਅਹਿਮੀਅਤ ਦੇ ਰਹੀ ਹੈ | ਆਮ ਆਦਮੀ ਪਾਰਟੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ | ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ, ਖੇਤੀ, ਉਦਯੋਗ ਜਾਂ ਨੌਜਵਾਨਾਂ ਦੇ ਭਵਿੱਖ ਬਾਰੇ ਚਿੰਤਤ ਨਹੀਂ ਹਨ | ਉਨ੍ਹਾਂ ਦੀ ਸਾਰੀ ਤਾਕਤ ਦਿੱਲੀ ਦੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਅਤੇ ਉਨ੍ਹਾਂ ਦੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਵਿਚ ਲੱਗੀ ਹੋਈ ਹੈ | ਬ੍ਰਹਮਪੁਰਾ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਸਥਿਤੀ ਵਿਚ ਪੰਜਾਬ ਦੇ ਲੋਕਾਂ ਦੀ ਹਿਫਾਜ਼ਤ ਲਈ ਤੁਰੰਤ ਅਤੇ ਜ਼ਰੂਰੀ ਕਦਮ ਚੁੱਕਣ | ਉਨ੍ਹਾਂ ਜ਼ੋਰਦਾਰ ਮੰਗ ਕੀਤੀ ਕਿ ਵਿਦੇਸ਼ ਮੰਤਰਾਲਾ ਇਜ਼ਰਾਈਲ ਅਤੇ ਈਰਾਨ ਵਿੱਚ ਮੌਜੂਦ ਪੰਜਾਬੀਆਂ ਬਾਰੇ ਸਹੀ ਅਤੇ ਤੁਰੰਤ ਅੰਕੜੇ ਜਾਰੀ ਕਰੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਇਕ ਠੋਸ ਅਤੇ ਸਮਾਂਬੱਧ ਯੋਜਨਾ ਬਣਾਵੇ, ਭਾਵੇਂ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਰਹੀ ਹੋਵੇ |