ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਸ਼ਰਮਾ, ਐੱਸ.ਡੀ.ਐੱਮ. ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ, ਆਯੂਰਵੈਦਿਕ ਮੈਡੀਕਲ ਅਫ਼ਸਰ ਤੋਂ ਡਾ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਸੀ.ਐੱਮ. ਦੀ ਯੋਗਸ਼ਾਲਾ ਹਰਮਨਦੀਪ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਸਵੇਰੇ 6 ਵਜੇ ਸ਼ੁਰੂ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਯੋਗ ਸਮਾਗਮ ਵਿਚ ਆਮ ਸਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਭਾਗ ਲੈਣਗੇ, ਜਿੰਨ੍ਹਾਂ ਨੂੰ ਆਯੂਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਜਾਣਗੇ | ਡਿਪਟੀ ਕਮਿਸਨਰ ਨੇ ਦੱਸਿਆ ਕਿ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਵਿਚ ਹੋਰ ਵੱਖ-ਵੱਖ ਸਥਾਨਾਂ, ਤਰੇਹਨ ਪਾਰਕ ਪੱਟੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ, ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਸ੍ਰੀ ਗੁਰੂ ਅੰਗਦ ਦੇਵ ਪਾਰਕ ਗੋਇੰਦਵਾਲ ਸਾਹਿਬ, ਬਾਬਾ ਦੀਪ ਸਿੰਘ ਸਕੂਲ ਪਾਰਕ ਭਿੱਖੀਵਿੰਡ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਸਟੇਡੀਅਮ ਖਡੂਰ ਸਾਹਿਬ ਵਿਖੇ ਵੀ ਯੋਗ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਪਣੇ ਗਲੀ, ਮੁਹੱਲੇ, ਪਿੰਡਾਂ ਅਤੇ ਸ਼ਹਿਰਾਂ ਵਿਚ ਯੋਗ ਸਮਾਗਮ ਕਰਨ | ਉਨ੍ਹਾਂ ਕਿਹਾ ਕਿ ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ ਅਤੇ ਸਾਨੂੰ ਯੋਗ ਨੂੰ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ |