ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਜ਼ਿਲ੍ਹੇ ਪੁਲਿਸ ਤਰਨ ਤਾਰਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦੇ ਹੋ ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਟੀ-ਪੁਆਇੰਟ ਪੰਡੋਰੀ ਗੋਲਾ ਵਿਖੇ ਨਾਕਾਬੰਦੀ ਦੌਰਾਨ ਅਜੇ ਸਿੰਘ ਉਰਫ ਅਜੇ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਸੰਘਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਸਾਹਮਣੇ ਸਟੇਡੀਅਮ ਭਗਵਾਨਪੁਰ ਵਿਖੇ ਗਸ਼ਤ ਦੌਰਾਨ ਸੁਖਦੇਵ ਸਿੰਘ ਉਰਫ ਮੁਨੀਮ ਪੁੱਤਰ ਪਾਲ ਸਿੰਘ ਵਾਸੀ ਭਗਵਾਨਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁੱਲ ਸੂਆ ਬ੍ਰਾਹਮਣੀ ਵਾਲਾ ਵਿਖੇ ਨਾਕਾਬੰਦੀ ਦੌਰਾਨ ਰੋਸ਼ਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਆਸਲ, ਗੁਰਜੰਟ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਭੱਠੇ ਭੈਣੀ, ਸੰਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਰਨੈਲ ਸਿੰਘ ਉਰਫ ਜੈਲਾ ਪੁੱਤਰ ਜਗਤਾਰ ਸਿੰਘ ਵਾਸੀ ਮਹਿਮੂਦਪੁਰਾ ਦੇ ਘਰ ਛਾਪੇਮਾਰੀ ਦੌਰਾਨ ਉੱਥੋਂ 100 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |