ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਆਏ ਦਿਨ ਸੁਖਬੀਰ ਸਿੰਘ ਬਾਦਲ ਅਤੇ ਉਸਦਾ ਨਜ਼ਦੀਕੀ ਰਿਸ਼ਤੇਦਾਰ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਕਿੰਤੂ-ਪ੍ਰੰਤੂ ਕਰਦੇ ਰਹਿੰਦੇ ਹਨ ਜਦਕਿ ਇਨ੍ਹਾਂ ਦੋਵਾਂ ਉਕਤ ਨੇਤਾਵਾਂ ਨੇ ਆਪਣੀ ਅਕਾਲੀ ਸਰਕਾਰ ਦੌਰਾਨ ਕੇਵਲ ਆਪਣੇ ਨਿੱਜੀ ਹਿੱਤਾਂ ਕਾਰਨ ਪੰਜਾਬ ਨੂੰ ਕਥਿਤ ਤੌਰ 'ਤੇ ਭਿ੍ਸ਼ਟਾਚਾਰ ਅਤੇ ਨਸ਼ਿਆਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਆਰਥਿਕ ਤੌਰ ਅਤੇ ਸਿਹਤ ਪੱਖੋਂ ਤਬਾਹ ਕਰਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਅੱਜ ਜੇਕਰ ਸੁਖਬੀਰ ਬਾਦਲ ਨੂੰ ਪੰਜਾਬੀਆਂ ਨੇ ਘਰੇ ਬਿਠਾਇਆ ਹੈ, ਤਾਂ ਉਸਦਾ ਕੋਈ ਕਾਰਨ ਤਾਂ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਅਥਾਹ ਤਰੱਕੀ ਕੀਤੀ ਹੈ ਅਤੇ ਪੰਜਾਬੀਆਂ ਦੇ ਬੱਚੇ, ਬੱਚੀਆਂ ਨੂੰ ਸਰਕਾਰੀ ਸਕੂਲਾਂ ਵਿਚ ਮਹਿੰਗੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀ ਪੜ੍ਹਾਈ ਅਤੇ ਸਿਹਤ ਪੱਖੋਂ ਤੰਦਰੁਸਤ ਕੀਤਾ ਹੈ, ਜਦਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਕੇ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਹੈ | ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਜਦਕਿ ਅਕਾਲੀ ਦਲ ਦੀ ਸਰਕਾਰ ਵੇਲੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਡੇਰਿਆਂ ਦੇ ਮੁਖੀਆਂ ਦੇ ਗੋਡੇ ਅਤੇ ਪੈਰ ਫ਼ੜ ਕੇ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਵਾ ਕੇ ਸਾਰਾ ਸਿੱਖ ਜਗਤ ਨਿਰਾਸ਼ ਕਰ ਲਿਆ |