ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਭਾਜਪਾ ਹਾਈਕਮਾਂਡ ਵਲੋਂ 2 ਮੁੱਖ ਮੰਤਰੀਆਂ ਸਮੇਤ 5 ਕੇਂਦਰੀ ਮੰਤਰੀਆਂ ਅਤੇ 40 ਲੀਡਰਾਂ ਨੂੰ ਚੋਣ ਪ੍ਰਚਾਰ ਦੀ ਜਿੰਮੇਵਾਰੀ ਸੌਂਪੀ ਗਈ ਹੈ | ਜਿਸ ਵਿਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਗਜੇਂਦਰ ਸ਼ੇਖਾਵਤ, ਮੰਤਰੀ ਅਨੁਰਾਗ ਠਾਕੁਰ, ਮੰਤਰੀ ਰਵਨੀਤ ਬਿੱਟੂ ਅਤੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਹੋਣਗੇ | ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ ਹੋ ਜਾਵੇਗਾ, ਜਿਸ ਦੌਰਾਨ ਉਕਤ ਮੰਤਰੀ ਤਰਨ ਤਾਰਨ ਵਿਖੇ ਡੇਰੇ ਲਗਾ ਲੈਣਗੇ ਅਤੇ ਉਨ੍ਹਾਂ ਵਲੋਂ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਭਾਜਪਾ ਦੇ ਹੱਕ ਵਿਚ ਵੋਟ ਪਾਉਣ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ | ਇਸ ਸੰਬੰਧੀ ਹਰਜੀਤ ਸਿੰਘ ਸੰਧੂ ਦਾ ਕਹਿਣਾ ਹੈ ਕਿ ਜਲਦ ਹੀ ਉਕਤ ਲੀਡਰ ਤਰਨ ਤਾਰਨ ਪੁੱਜ ਜਾਣਗੇ ਅਤੇ ਉਨ੍ਹਾਂ ਦੀ ਚੋਣ ਪ੍ਰਚਾਰ ਵਿਚ ਲੱਗ ਜਾਣਗੇ ਅਤੇ ਲੋਕਾਂ ਵਲੋਂ ਵੀ ਭਾਜਪਾ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਾਰਨ ਜ਼ਿਮਨੀ ਚੋਣ ਵਿਚ ਉਨ੍ਹਾਂ ਦੀ ਵੱਡੀ ਜਿੱਤ ਹੋਵੇਗੀ |