ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ 17 ਅਕਤੂਬਰ ਨੂੰ ਕਰਵਾਏ ਜਾ ਰਹੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨ ਤਾਰਨ ਪੁੱਜਣ 'ਤੇ ਜਿਥੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ, ਉਥੇ ਵੱਡਾ ਕਾਫਲਾ ਉਨ੍ਹਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਪੁੱਜੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਹਰਮੀਤ ਸਿੰਘ ਸੰਧੂ ਵਲੋਂ ਕਰਵਾਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿਚ ਲੋਕ ਜੁੜ ਰਹੇ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਤਰਨ ਤਾਰਨ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਸ਼ਾਨ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਅਤੇ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ,ਉਥੇ ਪੰਜਾਬ ਦਾ ਰਿਕਾਰੜ ਤੋੜ ਵਿਕਾਸ ਕਾਰਜ ਅਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਹਨ | ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਜਿਥੇ ਤਰਨ ਤਾਰਨ ਪੁੱਜਣ 'ਤੇ ਮੁੱਖ ਮੰਤਰੀ ਮਾਨ ਦਾ ਉਨ੍ਹਾਂ ਵਲੋਂ ਸਵਾਗਤ ਕੀਤਾ ਜਾਵੇਗਾ, ਉਥੇ ਉਨ੍ਹਾਂ ਨਾਲ ਵੱਡਾ ਕਾਫਲਾ ਵੀ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਇਸ ਕਾਫਲੇ ਵਿਚ ਸ਼ਾਮਿਲ ਹੋਣ ਲਈ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ |