ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ 'ਆਪ' ਨੂੰ ਤਰਨ ਤਾਰਨ ਵਿਚ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਈ ਅਹੁਦੇਦਾਰ ਅਤੇ ਆਗੂ 'ਆਪ' ਵਿਚ ਸ਼ਾਮਿਲ ਹੋ ਗਏ | 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸੂਬਾ ਜਨਰਲ ਸੱਕਤਰ ਡਾ. ਐਸ.ਐਸ. ਆਹਲੂਵਾਲੀਆ ਦੀ ਮੌਜੂਦਗੀ ਵਿਚ ਸਾਰੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ | ਤਰਨ ਤਾਰਨ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚ ਟਹਿਲਵੀਰ ਸਿੰਘ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ, ਪਿੰਡ ਪਲਾਸੇਰ ਦੇ ਰਣਧੀਰ ਸਿੰਘ, ਤਰਸੇਮ ਸਿੰਘ ਲੰਬੜਦਾਰ, ਭੁਪਿੰਦਰ ਸਿੰਘ ਅਤੇ ਛਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਨਕਾਰ ਕੇ 'ਆਪ' ਦਾ ਪੱਲਾ ਫੜਿਆ ਹੈ | ਉਨ੍ਹਾਂ ਕਿਹਾ ਕਿ ਇਹ ਆਗੂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ | ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੋ-ਇਕ ਪਾਰਟੀ ਹੈ, ਜੋ ਕੰਮ ਦੇ ਅਧਾਰ 'ਤੇ ਰਾਜਨੀਤੀ ਕਰਦੀ ਹੈ | ਉਨ੍ਹਾਂ ਨੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿੱਚ 17 ਅਕਤੂਬਰ ਨੂੰ ਤਰਨ ਤਾਰਨ ਦੇ ਬੋਹੜੀਵਾਲਾ ਵਿਖੇ ਸਵੇਰੇ 10 ਵਜੇ ਇਕ ਵਿਸ਼ਾਲ ਰੋਡ ਸ਼ੋਅ ਕੀਤਾ ਜਾਵੇਗਾ, ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਦਿਨ ਉਮੀਦਵਾਰ ਹਰਮੀਤ ਸਿੰਘ ਸੰਧੂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਕੀਤੇ ਜਾਣਗੇ | 'ਆਪ' ਆਗੂ ਨੇ ਦਾਅਵਾ ਕੀਤਾ ਕਿ ਤਰਨ ਤਾਰਨ ਦੇ ਲੋਕ 'ਆਪ' ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੀਆਂ ਜੁਆਇਨਿੰਗਾਂ ਹੋਣਗੀਆਂ |