ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਤਰਨ ਤਾਰਨ ਵਿਖੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਕਾਗਜ਼ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਸੂਬੇ ਭਰ ਵਿਚੋਂ 'ਆਪ' ਵਰਕਰਾਂ ਨੂੰ ਮੰਗਵਾ ਕੇ ਰੋਡ ਸ਼ੋਅ ਕੀਤਾ | ਇਸ ਰੋਡ ਸ਼ੋਅ ਦੌਰਾਨ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਅਧਿਆਪਕਾਂ ਅਤੇ ਕਿਸਾਨਾਂ ਨੂੰ ਪੁਲਿਸ ਵਲੋਂ ਦੁਰਵਿਵਹਾਰ ਦਾ ਸਾਹਮਣਾ ਕਰਨਾ ਪਿਆ | ਇਕ ਮਾਸਟਰ ਦੇ ਲੜਕੇ ਦੀ ਸਰਕਾਰ ਵਲੋਂ ਅਧਿਆਪਕਾਂ ਨਾਲ ਕੀਤੀ ਧੱਕੇਸ਼ਾਹੀ ਨਾਸਹਿਣਯੋਗ ਹੈ, ਜਿਸ ਦਾ ਜਵਾਬ ਇਨ੍ਹਾਂ ਨੂੰ ਜ਼ਿਮਨੀ ਚੋਣ ਦੇ ਨਤੀਜ਼ਿਆਂ ਤੋਂ ਮਿਲ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਲੋਕ ਇਹ ਚੰਗੀ ਤਰ੍ਹਾਂ ਦੇਖ ਚੁੱਕੇ ਹਨ ਕਿ ਮੁੱਖ ਮੰਤਰੀ ਦੇ ਰੋਡ ਸ਼ੋਅ ਵਿਚ ਸੂਬੇ ਭਰ ਵਿਚੋਂ 'ਆਪ' ਵਰਕਰਾਂ ਨੂੰ ਇਥੇ ਬੁਲਾਉਣਾ ਪਿਆ | ਤਰਨ ਤਾਰਨ ਦੇ ਲੋਕਾਂ ਨੇ 'ਆਪ' ਉਮੀਦਵਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ | ਇਥੋਂ ਤੱਕ ਕਿ ਸਰਕਾਰੀ ਮੁਲਾਜ਼ਮਾਂ ਨੂੰ ਰੈਲੀ ਦੌਰਾਨ ਹੱਥਾਂ ਵਿਚ ਝੰਡੇ ਫੜਾ ਕੇ ਸੜਕਾਂ 'ਤੇ ਖੜਾ ਕੀਤਾ ਗਿਆ, ਜੋ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ | ਇਥੋਂ ਤੱਕ ਕਿ ਤਰਨ ਤਾਰਨ ਸ਼ਹਿਰ ਦੇ ਸਾਰੇ ਸਰਕਾਰੀ ਬਿਜਲੀ ਦੇ ਖੰਭਿਆਂ, ਸੜਕਾਂ ਉਪਰ ਆਮ ਆਦਮੀ ਪਾਰਟੀ ਦੇ ਝੰਡੇ ਲਗਾਏ ਗਏ ਅਤੇ ਵੱਡੇ ਬੈਨਰ ਲਗਾਉਣਾ ਵੀ ਚੋਣ ਕਮਿਸ਼ਨ ਦੇ ਹੁਕਮਾਂ ਨੂੰ ਚੁਣੌਤੀ ਦੇਣਾ ਹੈ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਤੁਰੰਤ ਇਸ ਉਪਰ ਐਕਸ਼ਨ ਲੈਣਾ ਚਾਹੀਦਾ ਹੈ | ਪਿ੍ੰਸੀਪਲ ਰੰਧਾਵਾ ਨੇ ਕਿਹਾ ਕਿ ਆਪਣੀ ਹਾਰ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਬੁਖਲਾਅ ਗਈ ਹੈ ਅਤੇ ਇਨ੍ਹਾਂ ਦੇ ਆਗੂ ਧੱਕੇਸ਼ਾਹੀ 'ਤੇ ਉਤਰ ਆਏ ਹਨ, ਜਿਸ ਨੂੰ ਸ਼ੋ੍ਰਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਮੀਂਹ ਕਾਰਨ ਪਹਿਲਾਂ ਹੀ ਕਿਸਾਨ ਆਪਣੀ ਫ਼ਸਲ ਦਾ ਭਾਰੀ ਨੁਕਸਾਨ ਝੱਲ ਚੁੱਕੇ ਹਨ ਅਤੇ ਹੁਣ ਆਪਣੀਆਂ ਜਾਇਜ਼ ਮੰਗਾਂ ਸੰਬੰਧੀ ਜਦ ਮੁੱਖ ਮੰਤਰੀ ਨੁੰ ਮਿਲਣ ਲਈ ਪਹੁੰਚੇ ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਕਿਸਾਨੀ ਦੀ ਗੱਲ ਕੀਤੀ ਹੈ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਹੈ |