ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਤਰਨ ਤਾਰਨ ਕੋਲ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ ਨੇ ਨਾਮਜ਼ਦਗੀ ਪੱਤਰ ਭਰੇ ਹਨ | ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ ਵੀ ਆਪਣੇ ਨਾਮਜ਼ਦਗੀ ਪੱਤਰ ਭਰ ਚੁੱਕੇ ਹਨ | ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 18 ਅਕਤੂਬਰ (ਸ਼ਨੀਵਾਰ) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਤਹਿਤ ਛੁੱਟੀ ਨਹੀਂ ਹੈ ਤੇ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ | ਹਾਲਾਂਕਿ 19 ਅਕਤੂਬਰ (ਐਤਵਾਰ) ਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਤਹਿਤ ਛੁੱਟੀਆਂ ਹਨ ਤੇ ਇਨ੍ਹਾਂ ਤਾਰੀਖਾਂ 'ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ | ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ ਹੈ | ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ | ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ 2025 ਤੱਕ ਮੁਕੰਮਲ ਕਰ ਲਈ ਜਾਵੇਗੀ |