ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਵਾਲੇ ਦਿਨ ਵੀ ਤਹਿਸੀਲਦਾਰ ਖਡੂਰ ਸਾਹਿਬ ਸ੍ਰੀਮਤੀ ਸੀਮਾ ਸ਼ਰਮਾ ਅਤੇ ਕਲਸਟਰ ਅਫਸਰ ਡਾ: ਯਾਦਵਿੰਦਰ ਸਿੰਘ ਨੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫ਼ਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਖੁਸ਼ਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਸਬ ਡਵੀਜ਼ਨ ਖਡੂਰ ਸਾਹਿਬ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਲੋਂੜੀਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ | ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਖਡੂਰ ਸਾਹਿਬ ਸੀਮਾ ਸ਼ਰਮਾ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ | ਸੁਪਰਸੀਡਰ ਤੇ ਬੇਲਰ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ | ਤਹਿਸੀਲਦਾਰ ਖਡੂਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਹੁਤਾਤ ਪਿੰਡਾਂ ਵਿਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ | ਇਸ ਮੌਕੇ ਤਹਿਸੀਲਦਾਰ ਸ੍ਰੀਮਤੀ ਸੀਮਾ ਸ਼ਰਮਾ ਅਤੇ ਡਾ: ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ | ਡਾ. ਯਾਦਵਿੰਦਰ ਸਿੰਘ ਨੇ ਕਿਹਾ ਕਿ ਫਸਲ ਦੀ ਰਹਿੰਦ ਖੂੰਹਦ ਸਾੜਨ ਦੀ ਬਜਾਇ ਬੇਲਿੰਗ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ | ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ |