ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਪਿੰਡ ਪੰਡੋਰੀ ਰਣ ਸਿੰਘ ਵਿਖੇ ਇਕ ਚੋਣ ਮੀਟਿੰਗ ਹੋਈ | ਮੀਟਿੰਗ ਵਿਚ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੰਬੋਧਨ ਕਰਦੇ ਹੋਏ ਭਾਈ ਸੰਦੀਪ ਸਿੰਘ ਸੰਨੀ ਦੇ ਭਰਾ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ, ਉਥੇ ਪੰਥਕ ਧਿਰਾਂ ਵਲੋਂ ਵੀ ਵੱਡਾ ਸਮਰਥਨ ਮਿਲ ਰਿਹਾ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਉਨ੍ਹਾਂ ਦੀ ਯਕੀਨੀ ਜਿੱਤ ਹੋਵੇਗੀ | ਉਨ੍ਹਾਂ ਕਿਹਾ ਕਿ ਮਾਝੇ ਦੇ ਲੋਕਾਂ ਨੇ ਹਮੇਸ਼ਾ ਹੀ ਸਿੱਖ ਪੰਥ ਨਾਲ ਖੜਦਿਆਂ ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹ ਵਿਚੋਂ ਜਿਤਾਇਆ ਸੀ, ਉਥੇ ਤਰ੍ਹਾਂ ਉਨ੍ਹਾਂ ਨੂੰ ਵੀ ਤਰਨ ਤਾਰਨ ਹਲਕੇ ਦੇ ਲੋਕ ਵੋਟਾਂ ਪਾ ਕੇ ਇਸ ਹਲਕੇ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਤੋਂ ਲੋਕ ਦੁਖੀ ਹੋ ਗਏ ਹਨ, ਉਥੇ ਲੋਕਾਂ ਵਲੋਂ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਨੂੰ ਵੀ ਵੇਖ ਲਿਆ ਹੈ ਅਤੇ ਚੰਗੀ ਤਰ੍ਹਾਂ ਜਾਣ ਲਿਆ ਹੈ ਕਿ ਸਰਕਾਰਾਂ ਸਿਰਫ਼ ਆਪਣਾ ਹੀ ਸੋਚਦੀਆਂ ਹਨ ਅਤੇ ਲੋਕਾਂ ਮਸਲਿਆਂ ਨੂੰ ਅੱਖੋਂ ਪਰੋਖੇ ਕਰਕੇ ਲੋਕਾਂ ਨੂੰ ਰੱਬ ਆਸਰੇ ਛੱਡ ਦਿੰਦੀਆਂ ਹਨ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਦੌਰਾਨ ਉਨ੍ਹਾਂ ਦੇ ਹੱਕ ਵਿਚ ਫ਼ਤਵਾ ਦੇ ਕੇ ਇਸ ਹਲਕੇ ਤੋਂ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਤਰਨ ਤਾਰਨ ਦੇ ਲੋਕਾਂ ਨੇ ਭਾਈ ਅੰਮਿ੍ਤਪਾਲ ਸਿੰਘ ਨੂੰ ਵੱਡੀ ਲੀਡ ਨਾਲ ਇਸ ਲੋਕ ਸਭਾ ਹਲਕੇ ਤੋਂ ਜਿਤਾਇਆ ਸੀ, ਉਥੇ ਤਰ੍ਹਾਂ ਭਾਈ ਮਨਦੀਪ ਸਿੰਘ ਨੂੰ ਵੀ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਵੱਡੀ ਲੀਡ ਪ੍ਰਾਪਤ ਕਰਨਗੇ | ਇਸ ਮੌਕੇ ਪਿੰਡ ਵਾਸੀਆਂ ਵਲੋਂ ਭਾਈ ਮਨਦੀਪ ਸਿੰਘ, ਮਾਤਾ ਬਲਵਿੰਦਰ ਕੌਰ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪਿੰਡ ਨਿਵਾਸੀ ਉਨ੍ਹਾਂ ਦੇ ਹੱਕ ਵਿਚ ਆਪਣਾ ਫਤਵਾ ਦੇਣਗੇ |