ਮੀਆਂਵਿੰਡ, 23 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਹਲਕਾ ਸੁਲਤਾਨਪੁਰ ਲੋਧੀ ਦੇ ਕੁਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਰਿਆਵਾਂ ਵਿਚ ਆਏ ਹੜ੍ਹਾਂ ਨਾਲ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਦਾ ਹਜ਼ਾਰਾਂ ਏਕੜ ਝੋਨਾ ਬਰਬਾਦ ਹੋ ਚੁੱਕਾ ਹੈ | ਕਿਸਾਨਾਂ ਨੂੰ ਕੁਝ ਨਾ ਕੁਝ ਰਾਹਤ ਦੇਣ ਲਈ ਕੇਂਦਰ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਵੀ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਗਿਆ, ਪਰ ਸਰਕਾਰ ਵਲੋਂ ਜੋ ਕਿਹਾ ਗਿਆ ਹੈ ਕਿ ਪੰਚਾਇਤੀ ਜ਼ਮੀਨ ਦਾ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ, ਜੋ ਕਿਸਾਨਾਂ ਨਾਲ ਬੇ ਇਨਸਾਫੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਪੰਚਾਇਤਾਂ ਕੋਲ ਜ਼ਮੀਨ ਹੈ, ਉਸੇ ਤਰ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਕੋਲ ਮੰਡ ਖੇਤਰ ਵਿਚ ਵੱਡੀ ਤਦਾਦ ਵਿਚ ਜ਼ਮੀਨ ਹੈ, ਜੋ ਪੰਚਾਇਤ ਵਲੋਂ ਠੇਕੇ 'ਤੇ ਕਿਸਾਨਾਂ ਨੂੰ ਦਿੱਤੀ ਹੋਈ ਹੈ ਤੇ ਜੇਕਰ ਇਸ ਜ਼ਮੀਨ ਵਿਚ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਿਸਾਨਾਂ ਨੂੰ ਵੱਡੀ ਮਾਰ ਝੱਲਣੀ ਪਵੇਗੀ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਠੇਕੇ 'ਤੇ ਪੰਚਾਇਤੀ ਜ਼ਮੀਨ ਵਾਹੁਣ ਵਾਲੇ ਕਿਸਾਨਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਉਹ ਇਕ ਦੋ ਦਿਨ ਵਿਚ ਡੀ.ਸੀ. ਤਰਨ ਤਾਰਨ ਨੂੰ ਮੰਗ ਪੱਤਰ ਦੇ ਕੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਉਣਗੇ |