ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦਾ 'ਸੈਮੀਫਾਈਨਲ' ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਭਾਵੇਂ ਇਸ ਚੋਣ ਨਾਲ ਮੌਜੂਦਾ 'ਆਪ' ਸਰਕਾਰ ਨਹੀਂ ਬਦਲੇਗੀ, ਪਰ ਇੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਪੰਜਾਬ ਦੀ ਆਪਣੀ ਸਰਕਾਰ ਦਾ ਮੁੱਢ ਜ਼ਰੂਰ ਬੰਨ੍ਹੇਗੀ | ਬ੍ਰਹਮਪੁਰਾ ਪਿੰਡ ਕੋਟ ਦਸੰਧੀ ਮੱਲ ਵਿਖੇ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਹੋਈ ਇੱਕ ਭਰਵੀਂ ਵਰਕਰ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਹ 'ਆਪ' ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਅਤੇ ਕਾਂਗਰਸ ਦੀ ਮੌਕਾਪ੍ਰਸਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਬੇਮਿਸਾਲ ਵਿਕਾਸ, ਕਿਸਾਨਾਂ ਤੇ ਗਰੀਬਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਅਤੇ ਅਮਨ-ਕਾਨੂੰਨ ਦੇ ਸੁਨਹਿਰੀ ਦੌਰ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਠੱਗਿਆ ਹੈ ਅਤੇ ਹੁਣ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਕਾਹਲੇ ਹਨ | ਪਿੰਡ ਕੋਟ ਦਸੰਦੀ ਮੱਲ ਦੇ ਵਰਕਰਾਂ ਨੇ ਪੂਰੇ ਜੋਸ਼ ਨਾਲ ਭਰੋਸਾ ਦਿਵਾਇਆ ਕਿ ਉਹ ਪਿਛਲੀਆਂ ਚੋਣਾਂ ਵਾਂਗ ਇਸ ਵਾਰ ਵੀ ਪਿੰਡ ਵਿਚੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਸ ਮੌਕੇ ਅਵਤਾਰ ਸਿੰਘ, ਸਾਬਕਾ ਸਰਪੰਚ ਊਧਮ ਸਿੰਘ, ਜੋਗਾ ਸਿੰਘ, ਬਲਜਿੰਦਰ ਸਿੰਘ ਗੋਹਲਵੜ, ਕਸ਼ਮੀਰ ਸਿੰਘ, ਗੁਰਜੰਟ ਸਿੰਘ, ਗੁਰਬੀਰ ਸਿੰਘ, ਜਸਮੇਲ ਸਿੰਘ ਅਤੇ ਬਗੀਚਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |