ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਗਈ ਹੇ | ਜਿਥੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਫੇਲ੍ਹ ਸਾਬਿਤ ਹੋਈ ਹੈ, ਉਥੇ ਇਹ ਸਰਕਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਸਰਕਾਰੀ ਅਦਾਰਿਆਂ ਅਤੇ ਜਾਇਦਾਦਾਂ ਨੂੰ ਵੇਚ ਕੇ ਡੰਗ ਟਪਾ ਰਹੀ ਹੈ | ਪੰਜਾਬ ਵਿਚ ਆਏ ਹੜ੍ਹਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜਿੰਮੇਵਾਰ ਹਨ, ਕਿਉਂਕਿ ਉਨ੍ਹਾਂ ਨੇ ਬਰਸਾਤਾਂ ਦੇ ਮੌਸਮ ਵਿਚ ਕਈ ਦਿਨ ਡੈਮਾਂ 'ਤੇ ਪਾਣੀ ਨੂੰ ਰੋਕੀ ਰੱਖਿਆ ਅਤੇ ਜ਼ਿਆਦਾ ਪਾਣੀ ਆਉਣ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਪਾਣੀ ਵਿਚ ਰੁੜ੍ਹ ਗਈਆਂ | ਪੰਜਾਬ ਦੇ ਲੋਕਾਂ ਨੂੰ ਖੁਸ਼ਹਾਲ ਰੱਖਣ ਲਈ ਭਾਜਪਾ ਦੀ ਸਰਕਾਰ ਲਿਆਉਣੀ ਜ਼ਰੂਰੀ ਹੈ | ਇਸ ਕਰਕੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾ ਕੇ 2027 ਵਿਚ ਆਉਣ ਵਾਲੀਆਂ ਚੋਣਾਂ ਦਾ ਮੁੱਢ ਬੰਨਿਆ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਮੀਤ ਪ੍ਰਧਾਨ ਅਨਿਲ ਸਰੀਨ, ਸਾਬਕਾ ਮੰਤਰੀ ਅਤੇ ਤਰਨ ਤਾਰਨ ਚੋਣ ਇੰਚਾਰਜ ਸੁਰਜੀਤ ਕੁਮਾਰ ਜਿਆਣੀ, ਸਹਿ ਇੰਚਾਰਜ ਕੇ.ਡੀ. ਭੰਡਾਰੀ, ਰਕੇਸ਼ ਰਾਠੌਰ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਅਤੇ ਭਾਜਪਾ ਆਗੂ ਹਰਪ੍ਰੀਤ ਸਿੰਘ ਸਿੰਦਬਾਦ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਲੋਕਾਂ ਲਈ ਬਹੁਤ ਵੱਡੀਆਂ ਸੁਵਿਧਾਵਾਂ ਉਲੀਕੀਆਂ ਸਨ, ਪਰ ਪੰਜਾਬ ਸਰਕਾਰ ਦੀ ਮਾੜੀ ਨੀਅਤ ਕਾਰਨ ਇਹ ਸੁਵਿਧਾਵਾਂ ਲੋਕਾਂ ਤੱਕ ਨਹੀਂ ਪਹੁੰਚ ਸਕੀਆਂ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾਂਭਣ ਲਈ ਖਰੀਦੀਆਂ ਗਈਆਂ ਮਸ਼ੀਨਾਂ ਵਿਚ ਬਹੁਤ ਵੱਡਾ ਘਪਲਾ ਹੋਇਆ ਹੈ ਅਤੇ ਇਹ ਮਸ਼ੀਨਾਂ ਹੁਣ ਕਿਤੇ ਨਹੀਂ ਲੱਭ ਰਹੀਆਂ ਅਤੇ ਕਿਸਾਨ ਸਰਕਾਰ ਦੀ ਨਾਲਾਇਕੀ ਕਾਰਨ ਪਰਾਲੀ ਨੂੰ ਅੱਗ ਲਗਾ ਰਹੇ ਹਨ | | ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਆਉਣ ਵਾਲੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੋਏ ਘਪਲਿਆਂ ਨੂੰ ਉਜਾਗਰ ਕੀਤਾ ਜਾਵੇਗਾ |