ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜ਼ਿਮਨੀ ਚੋਣ ਦੌਰਾਨ ਹਲਕੇ ਦੇ ਵੋਟਰਾਂ, ਸਪੋਟਰਾਂ ਅਤੇ ਕਾਂਗਰਸੀ ਲੀਡਰਸ਼ਿਪ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਇਹ ਸਮਰਥਨ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਰਨ ਤਾਰਨ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਹਲਕੇ ਦੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਚਾਰ ਸਾਲ ਤੋਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਹੂਲਤ ਨਹੀਂ ਦਿੱਤੀ ਗਈ, ਉਥੇ ਵਿਕਾਸ ਕਾਰਜ ਵੀ ਠੱਪ ਪਏ ਹਨ, ਜਦਕਿ ਚੋਣਾਂ ਤੋਂ ਪਹਿਲਾਂ 'ਆਪ' ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਨਣ 'ਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਪੰਜਾਬ ਵਿਚ 'ਆਪ' ਦੀ ਸਰਕਾਰ ਬਨਣ ਤੋਂ ਬਾਅਦ ਲੋਕਾਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਗਈ, ਜਿਸ ਕਾਰਨ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਦੁਖੀ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਰੇਕ ਵਰਗ ਨੂੰ ਬਰਾਬਰ ਸਮਝਦਿਆਂ ਹੋਇਆ ਜਦੋਂ ਵੀ ਦੇਸ਼ ਜਾਂ ਪੰਜਾਬ ਵਿਚ ਸਰਕਾਰ ਬਣੀ ਹੈ, ਉਦੋਂ ਹੀ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ ਅਤੇ ਫਿਰੌਤੀਆਂ ਦੇ ਨਾਂਅ 'ਤੇ ਲੋਕਾਂ ਦੇ ਕਤਲੋਗਾਰਦ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਪੰਜਾਬ ਵਿਚ ਖੁਸ਼ਹਾਲੀ ਅਤੇ ਵਿਕਾਸ ਨੂੰ ਸਿਰਫ ਤਾਂ ਸਿਰਫ਼ ਕਾਂਗਰਸ ਸਰਕਾਰ ਹੀ ਬਹਾਲ ਕਰ ਸਕਦੀ ਹੈ | ਉਨ੍ਹਾਂ ਹਲਕਾ ਤਰਨ ਤਾਰਨ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਅਨਿਲ ਜੋਸ਼ੀ, ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਵੀ ਮੌਜੂਦ ਸਨ |