ਝਬਾਲ, 4 ਨਵੰਬਰ (ਸੁਖਦੇਵ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਹੈ | ਇਸੇ ਲੜੀ ਤਹਿਤ ਪਿੰਡ ਛੀਛਰੇਵਾਲ ਵਿਖੇ ਯੂਥ ਕਲੱਬ ਦੀ ਇਕ ਅਹਿਮ ਮੀਟਿੰਗ ਯੂਥ ਪ੍ਰਧਾਨ ਮਾਨਵਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਮਾਨਵਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਤਰਨ ਤਾਰਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਟੀਮ ਲੋਕਾਂ ਨੂੰ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸ ਰਹੀ ਹੈ ਅਤੇ ਪਾਰਟੀ ਦਾ ਸਮਰਥਨ ਦੇਣ ਦੀ ਅਪੀਲ ਕਰ ਰਹੀ ਹੈ | ਯੂਥ ਵਿੰਗ ਦੀ ਇਸ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਮਾਨਵਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਨੇ ਪੂਰਾ ਭਰੋਸਾ ਜਤਾਉਂਦੇ ਹੋਏ ਕਿਹਾ ਹੈ ਕਿ ਉਹ ਆਉਣ ਵਾਲੀ 11 ਨਵੰਬਰ ਨੂੰ ਆਪਣੀ ਵੋਟ 'ਆਪ' ਨੂੰ ਹੀ ਪਾਉਣਗੇ | ਲੋਕਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਹਰਮੀਤ ਸਿੰਘ ਸੰਧੂ ਨੂੰ ਤਰਨ ਤਾਰਨ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ |