ਝਬਾਲ, 6 ਨਵੰਬਰ (ਸੁਖਦੇਵ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਝਬਾਲ ਸ਼ਹਿਰ ਵਿਖੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਡੋਰ-ਟੂ-ਡੋਰ ਪ੍ਰਚਾਰ ਕੀਤਾ | ਇਸ ਮੁਹਿੰਮ ਤਹਿਤ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਝਬਾਲ ਦੇ ਦੁਕਾਨਦਾਰ ਭਰਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਦੁਕਾਨਦਾਰਾਂ ਵਲੋਂ ਮਿਲੇ ਭਰਵੇਂ ਉਤਸ਼ਾਹ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਝਬਾਲ ਦੇ ਵਪਾਰੀ ਵਰਗ ਵਲੋਂ ਮਿਲਿਆ ਮਾਣ ਅਤੇ ਸਤਿਕਾਰ ਉਨ੍ਹਾਂ ਦੇ ਦਿਲ ਨੂੰ ਛੂਹ ਗਿਆ ਹੈ ਅਤੇ ਉਹ ਇਸ ਲਈ ਹਮੇਸ਼ਾ ਰਿਣੀ ਰਹਿਣਗੇ | ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੁਕਾਨਦਾਰ ਭਰਾਵਾਂ ਨਾਲ ਗੱਲਬਾਤ ਕਰਕੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਹੱਕ ਵਿਚ ਉਨ੍ਹਾਂ ਦੀ ਸਹਿਮਤੀ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਤਰਨ ਤਾਰਨ ਦੇ ਲੋਕ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖੁਸ਼ ਹਨ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਝਬਾਲ ਸ਼ਹਿਰ ਦੇ ਲੋਕਾਂ ਵਲੋਂ ਮਿਲ ਰਹੇ ਇਸ ਪਿਆਰ ਸਦਕਾ ਅਸੀਂ ਇਹ ਜ਼ਿਮਨੀ ਚੋਣ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਾਂਗੇ | ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਦੁਕਾਨਦਾਰਾਂ ਅਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਉਨ੍ਹਾਂ ਦੀ ਜਿੰੰਮੇਵਾਰੀ ਹੋਵੇਗੀ |