ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਭੁੱਲਰ ਵਿਖੇ ਸਾਬਕਾ ਸਰਪੰਚ ਖਜ਼ਾਨ ਸਿੰਘ ਦੇ ਨੌਜਵਾਨ ਸਪੁੱਤਰ ਦਲਜੀਤ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਾਪਾਨ ਦੌਰੇ 'ਤੇ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੜੇ ਹੱਥੀਂ ਲਿਆ ਹੈ | ਬ੍ਰਹਮਪੁਰਾ ਨੇ ਕਿਹਾ ਕਿ ਇਹ ਲੜਕਾ ਮੇਰੇ ਆਪਣੇ ਹਲਕੇ ਖਡੂਰ ਸਾਹਿਬ ਦੇ ਪਿੰਡ ਭੁੱਲਰ ਨਾਲ ਸੰਬੰਧਿਤ ਸੀ ਅਤੇ ਇਕ ਸਾਬਕਾ ਸਰਪੰਚ ਦੇ ਪੁੱਤਰ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦੇਣਾ ਸਾਬਤ ਕਰਦਾ ਹੈ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਬਚੀ | ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਅੰਦਰ ਵਪਾਰੀ ਅਤੇ ਦੁਕਾਨਦਾਰ ਗੋਲੀਆਂ ਨਾਲ ਭੁੰਨੇ ਜਾ ਰਹੇ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਿੰਮੇਵਾਰੀ ਨਿਭਾਉਣ ਦੀ ਬਜਾਇ ਜਪਾਨ ਅਤੇ ਕੋਰੀਆ ਦੀਆਂ ਸੈਰਾਂ ਕਰਨ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਜਪਾਨ ਜਾਣ ਤੋਂ ਪਹਿਲਾਂ ਆਪਣੇ ਸੂਬੇ ਦੀ ਦੇਖਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਮੰਗ ਕੀਤੀ ਕਿ ਦਲਜੀਤ ਸਿੰਘ ਦੇ ਕਾਤਲਾਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ | ਇਸ ਮੌਕੇ ਬ੍ਰਹਮਪੁਰਾ ਨੇ ਸਾਬਕਾ ਸਰਪੰਚ ਖਜਾਨ ਸਿੰਘ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਸਮੁੱਚਾ ਅਕਾਲੀ ਦਲ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ |