ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਦੇਵ ਸਿੰਘ ਵਾਸੀ ਚੰਦਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਹੈਬੋਵਾਲ ਇਲਾਕੇ ਵਿਚੋਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਯਸ਼ਪਾਲ ਪੁੱਤਰ ਨਾਨਕ ਚੰਦ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 21 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਪਰਮਜੀਤ ਕੌਰ ਵਾਸੀ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਥਾਣਾ ਮਾਡਲ ਟਾਊਨ ਦੀ ਹੀ ਪੁਲਿਸ ਨੇ ਗੁਰਭੇਜ ਸਿੰਘ ਵਾਸੀ ਜੁਝਾਰ ਨਗਰ ਅਤੇ ਕਿ੍ਸ਼ਨ ਕੁਮਾਰ ਵਾਸੀ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੀ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |