ਇਆਲੀ/ਥਰੀਕੇ, 15 ਜੂਨ (ਮਨਜੀਤ ਸਿੰਘ ਦੁੱਗਰੀ)-ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਦਿੱਲੀ ਮਾਡਲ ਫ਼ੇਲ੍ਹ ਹੈ ਤੇ ਉਨ੍ਹਾਂ ਨੂੰ ਦੇਣ ਵਾਸਤੇ ਇਸ ਵਿਚ ਕੱਖ ਨਹੀਂ ਹੈ | ਸੂਬੇ ਸਿਰ 'ਆਪ' ਸਰਕਾਰ ਨੇ 4 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਰ ਚੜ੍ਹਾ ਦਿੱਤਾ ਹੈ, ਜਿਸ ਕਰਕੇ ਸੂਬੇ ਵਿਚ ਵਿੱਤੀ ਐਮਰਜੈਂਸੀ ਦੇ ਹਾਲਾਤ ਹਨ ਤੇ ਸਰਕਾਰ ਵੱਖ-ਵੱਖ ਵਿਭਾਗਾਂ ਤੋਂ ਫ਼ੰਡ ਵਾਪਸ ਮੰਗਵਾ ਕੇ ਕਰਜ਼ਿਆਂ 'ਤੇ ਡਿਫਾਲਟਰ ਹੋਣ ਤੋਂ ਬਚ ਰਹੀ ਹੈ ਤੇ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਲੁਧਿਆਣਾ ਪੱਛਮੀ ਹਲਕੇ ਦੀ ਹੋ ਰਹੀ ਉਪ ਚੋਣ ਲਈ ਪਾਰਟੀ ਉਮੀਦਵਾਰ ਐਡਵੇਕੇਟ ਘੁੰਮਣ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸਿਕੰਦਰ ਸਿੰਘ ਮਲੂਕਾ ਸਮੇਤ ਕੀਤੀ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਪੱਛਮੀ ਦੀ ਹੋ ਰਹੀ ਉਪ ਚੋਣ ਵਿਚ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਜ਼ਿਮਨੀ ਚੋਣ ਜਿੱਤਣ 'ਤੇ ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ਦਾ ਐਲਾਨ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਬਣਾ ਕੇ ਰੱਖ ਦਿੱਤਾ ਹੈ, ਅਤੇ ਭਗਵੰਤ ਮਾਨ ਹੁਣ ਸਿਰਫ਼ ਨਾਂ ਦਾ ਮੁੱਖ ਮੰਤਰੀ ਰਹਿ ਗਿਆ ਹੈ | ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ | ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਕੀਤਾ ਵਾਅਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਔਰਤਾਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤੇ ਦੀ ਉਡੀਕ ਕਰ ਰਹੀਆਂ ਹਨ | ਉਨ੍ਹਾਂ ਕਿਹਾ ਮਲੂਕਾ ਦੀ ਘਰ ਵਾਪਸੀ ਤੋਂ ਸਪਸ਼ਟ ਹੈ ਕਿ ਅਕਾਲੀ ਆਗੂ ਪੰਜਾਬੀਆਂ ਵਲੋਂ ਪੰਜਾਬ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਕੀਤੀ ਅਪੀਲ ਪ੍ਰਤੀ ਹੁੰਗਾਰਾ ਭਰ ਰਹੇ ਹਨ |