ਭਾਮੀਆਂ ਕਲਾਂ/ਲੁਧਿਆਣਾ, 15 ਜੂਨ (ਜਤਿੰਦਰ ਭੰਬੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਫੀਲਡ ਅਤੇ ਦਫ਼ਤਰਾਂ ਵਿਚ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਵਿਭਾਗ ਵਿਚ ਤਜਰਬੇ ਦੇ ਆਧਾਰ 'ਤੇ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨਾ, ਵਿਭਾਗ ਦਾ ਨਿੱਜੀਕਰਨ/ਪੰਚਾਇਤੀਕਰਨ, ਜਲ ਸਪਲਾਈ ਸਕੀਮਾਂ 'ਤੇ ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਰੱਦ ਕਰਵਾਉਣ ਅਤੇ ਮੰਗ-ਪੱਤਰ ਵਿਚ ਦਰਜ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਦਾ ਘਿਰਾਓ ਕਰਕੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ | ਪੰਜਾਬ ਭਰ ਤੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਧਰਨੇ ਵਿਚ ਸ਼ਾਮਿਲ ਹੋਏ | ਇਸ ਸਬੰਧੀ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਸਬੰਧਿਤ ਵਿਭਾਗ ਵਲੋਂ ਪ੍ਰਮੁੱਖ ਮੰਗ ਦਾ ਹੱਲ ਕਰਨ ਵਿਚ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ, ਉਥੇ ਇਸ ਦੇ ਨਾਲ ਹੀ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਵਰਕਰਾਂ ਵਲੋਂ ਮਜਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ | ਕੈਬਨਿਟ ਮੰਤਰੀ ਮੁੰਡੀਆਂ ਵਲੋਂ ਯੂਨੀਅਨ ਦੀਆਂ ਮੰਗਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੈਨਲ ਮੀਟਿੰਗ ਮਿਤੀ 18 ਜੂਨ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਰਵਾਉਣ ਦਾ ਸਮਾਂ ਤੈਅ ਕਰਵਾਇਆ ਗਿਆ, ਜਿਸ ਬਾਅਦ ਇਸ ਧਰਨੇ ਨੂੰ ਸਮਾਪਤ ਕੀਤਾ ਗਿਆ | ਇਸ ਮੌਕੇ ਜੱਥੇਬੰਦੀ ਦੇ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਜਗਰੂਪ ਸਿੰਘ, ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜੁਆਇੰਟ ਪੈੱ੍ਰਸ ਸਕੱਤਰ ਜਸਵੀਰ ਸਿੰਘ ਸੀਰਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਪ੍ਰਦੂਮਣ ਸਿੰਘ, ਖਜਾਨਚੀ ਰੁਪਿੰਦਰ ਸਿੰਘ, ਜਸਬੀਰ ਸਿੰਘ ਜਿੰਦਵੜੀ, ਬਲਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਮੌਜੂਦ ਸਨ |