ਲੁਧਿਆਣਾ, 15 ਜੂਨ (ਜਗਮੀਤ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਦੀ ਕਮਾਨ ਲਗਾਤਾਰ ਕਰ ਰਹੇ ਹਨ, ਪਰ ਪਿਛਲੇ ਕੁਝ ਦਿਨਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੇ ਜਿਥੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਹੈ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਵੀ ਧਾਰ ਦੇ ਦਿੱਤੀ ਹੈ | ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਧਾਮੀ ਵਲੋਂ ਪਿਛਲੇ ਦਿਨਾਂ 'ਚ ਲਗਾਤਾਰ ਸ਼ਹਿਰ ਦੀਆਂ ਪ੍ਰਮੁੱਖ ਸਿੱਖ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ | ਐਸ. ਜੀ. ਪੀ. ਸੀ. ਪ੍ਰਧਾਨ ਹੋਣ ਦੇ ਨਾਤੇ ਜਿਥੇ ਐਡਵੋਕੇਟ ਧਾਮੀ ਦਾ ਸਿੱਖ ਸੰਸਥਾਵਾਂ 'ਚ ਇਕ ਵੱਖਰਾ ਮਾਣ ਸਤਿਕਾਰ ਹੈ, ਉਥੇ ਹੀ ਉਨ੍ਹਾਂ ਦੀ ਸੂਝਬੂਝ, ਸਿਆਣਪ, ਨੇਕ ਨੀਅਤ, ਦਰਿਆ-ਦਿਲੀ ਅਤੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਸਾਰਥਿਕ ਸੋਚ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹੋਰ ਪ੍ਰਭਾਵੀ ਬਣਾਉਂਦੀ ਹੈ | ਇਹੀ ਕਾਰਨ ਹੈ ਕਿ ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਧਾਮੀ ਵਲੋਂ ਸਿੱਖ ਸੰਸਥਾਵਾਂ ਦੇ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਕਾਫ਼ੀ ਸਫਲ ਤੇ ਪ੍ਰਭਾਵੀ ਸਿੱਧ ਹੋ ਰਹੀਆਂ ਹਨ | ਜਿਸ ਨਾਲ ਜਿਥੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲ ਰਹੀ ਹੈ, ਨਾਲ ਹੀ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੈਦਾਨ 'ਚ ਸਥਿਤੀ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ | ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਧਾਮੀ ਦੇ ਯਤਨਾਂ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਲੁਧਿਆਣਾ ਦੀਆਂ ਪ੍ਰਮੁੱਖ ਸਿੱਖ ਸੰਸਥਾਵਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਸਮਰਥਨ ਦੇਣ ਦਾ ਖੁੱਲੇ੍ਹਆਮ ਐਲਾਨ ਕੀਤਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ 'ਚ 40 ਫ਼ੀਸਦੀ ਤੋਂ ਜ਼ਿਆਦਾ ਸਿੱਖ ਵੋਟ ਬੈਂਕ ਹੈ, ਜਿਸ ਦਾ ਸਿੱਧਾ ਫ਼ਾਇਦਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਮਿਲ ਸਕਦਾ ਹੈ |