ਲੁਧਿਆਣਾ, 21 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਮੰਨਾ ਸਿੰਘ ਨਗਰ ਨੇੜੇ ਗਰੀਨ ਬੈਲਟ 'ਤੇ ਕੀਤੇ ਜਾ ਰਹੇ ਕਬਜ਼ੇ ਸੰਬੰਧੀ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਪੱਸ਼ਟ ਕੀਤਾ ਹੈ ਕਿ ਉਕਤ ਗਰੀਨ ਬੈਲਟ 'ਤੇ ਕੋਈ ਕਬਜ਼ਾ ਨਹੀਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਖੁਦ ਕਿਸੇ ਵੀ ਕਬਜ਼ੇ ਨੂੰ ਰੋਕਣ ਲਈ ਸਾਈਟ ਦੇ ਦੁਆਲੇ ਇਕ ਚਾਰਦੀਵਾਰੀ ਬਣਾਈ ਹੈ | ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਦੱਸਿਆ ਕਿ ਨਗਰ ਨਿਗਮ ਨੇ ਪਿਛਲੇ ਸਮੇਂ ਵਿਚ ਉਕਤ ਥਾਂ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ ਹੈ ਅਤੇ ਹੁਣ ਇਸ ਥਾਂ 'ਤੇ ਇਕ ਚਾਰਦੀਵਾਰੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਕਿ ਕੋਈ ਉਕਤ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਫੀਲਡ ਸਟਾਫ ਤੋਂ ਮੰਗੀ ਗਈ ਰਿਪੋਰਟ ਦੇ ਆਧਾਰ 'ਤੇ, ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਸ ਥਾਂ 'ਤੇ ਕੋਈ ਕਬਜ਼ਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਗਰ ਨਿਗਮ ਖੁਦ ਮੌਨਸੂਨ ਦੇ ਮੌਸਮ ਦੌਰਾਨ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਸਾਈਟ 'ਤੇ ਇਕ ਅਸਥਾਈ ਢਾਂਚਾ ਬਣਾ ਰਿਹਾ ਹੈ | ਇਸ ਅਸਥਾਈ ਢਾਂਚੇ ਦੀ ਵਰਤੋਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਰੇਤ ਦੀਆਂ ਬੋਰੀਆਂ ਅਤੇ ਹੋਰ ਸਮੱਗਰੀ ਸਟੋਰ ਕਰਨ ਲਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਕਾਰਕੁਨਾਂ ਦੇ ਇਕ ਸਮੂਹ ਦੁਆਰਾ ਨਿਗਮ ਕਮਿਸ਼ਨਰ ਕੋਲ ਦਾਇਰ ਕੀਤੀ ਗਈ ਸ਼ਿਕਾਇਤ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਉਪਰੋਕਤ ਥਾਂ 'ਤੇ ਨਗਰ ਨਿਗਮ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ | ਨਗਰ ਨਿਗਮ ਕਮਿਸ਼ਨਰ ਵਲੋਂ ਨਗਰ ਨਿਗਮ ਅਧਿਕਾਰੀਆਂ 'ਤੇ ਲਗਾਏ ਗਏ ਉਕਤ ਦੋਸ਼ ਨੰੂ ਬੇਬੁਨਿਆਦ ਦੱਸਿਆ ਗਿਆ ਹੈ |