ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਇਕ ਹਸਪਤਾਲ ਵਿਚ ਅੱਜ ਇਲੈਕਟ੍ਰੀਸ਼ਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਪੰਕਜ ਰਾਏ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 50 ਸਾਲ ਦੇ ਕਰੀਬ ਸੀ | ਉਹ ਮੂਲ ਰੂਪ ਵਿਚ ਆਜਮਗੜ੍ਹ ਦਾ ਰਹਿਣ ਵਾਲਾ ਸੀ ਪਰ ਪਿਛਲੇ ਕਾਫੀ ਸਮੇਂ ਤੋਂ ਉਹ ਇੱਥੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ | ਪੰਕਜ ਮਾਡਲ ਟਾਊਨ ਸਥਿਤ ਇੱਕ ਹਸਪਤਾਲ ਵਿਚ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ | ਅੱਜ ਸਵੇਰੇ ਉਸ ਨੂੰ ਸ਼ੱਕੀ ਹਾਲਾਤ ਵਿਚ ਕਰੰਟ ਲੱਗ ਗਿਆ, ਹਸਪਤਾਲ ਦੇ ਪ੍ਰਬੰਧਕਾਂ ਵਲੋਂ ਆਪਣੇ ਹਸਪਤਾਲ ਵਿਚ ਉਸ ਦਾ ਇਲਾਜ ਕਰਨ ਦੀ ਥਾਂ 'ਤੇ ਦੂਸਰੇ ਹਸਪਤਾਲ ਵਿਚ ਭੇਜ ਦਿੱਤਾ, ਜਦੋਂ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ | ਮਿ੍ਤਕ ਦੇ ਰਿਸ਼ਤੇਦਾਰ ਰਾਘਵ ਨੇ ਦੱਸਿਆ ਕਿ ਪੰਕਜ ਪਿਛਲੇ 27 ਸਾਲ ਤੋਂ ਉਕਤ ਹਸਪਤਾਲ ਵਿਚ ਕੰਮ ਕਰ ਰਿਹਾ ਸੀ | ਉਸ ਦੋਸ਼ ਲਗਾਇਆ ਕਿ ਹਸਪਤਾਲ ਦੇ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਸ ਦੀ ਮੌਤ ਹੋਈ ਹੈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |