ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਹਨੀ ਹੰਸ ਵਾਸੀ ਹੰਬੜਾਂ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਹੁਸੈਨਪੁਰਾ ਰੋਡ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਮਹਿੰਦਰ ਕੁਮਾਰ ਵਾਸੀ ਪ੍ਰੇਮ ਨਗਰ ਅਤੇ ਅਮਨਦੀਪ ਸਿੰਘ ਵਾਸੀ ਖੁੱਡ ਮਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 260 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਪੁੱਡਾ ਗਰਾਊਾਡ ਸਿਵਲ ਹਸਪਤਾਲ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਵੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਵਰਿੰਦਰ ਕੁਮਾਰ ਵਾਸੀ ਪੁਰਾਣਾ ਬਾਜ਼ਾਰ ਸਾਹਨੇਵਾਲ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ | ਕਥਿਤ ਦੋਸ਼ੀ ਟਿੱਬਾ ਨਹਿਰ ਪੁਲ ਦੇ ਨੇੜੇ ਨਸ਼ਾ ਕਰ ਰਿਹਾ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ | ਥਾਣਾ ਮੋਤੀ ਨਗਰ ਦੀ ਪੁਲਿਸ ਨੇ ਅਮਨ ਕੁਮਾਰ ਵਾਸੀ ਸ਼ੇਰਪੁਰ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਮੋਤੀ ਨਗਰ ਤੋਂ ਹੀ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |