ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿਨੇ ਕੁਮਾਰ ਉਰਫ ਵਿਸ਼ਾਲ ਵਾਸੀ ਭਾਮੀਆ ਕਲਾਂ ਅਤੇ ਗੌਰਵ ਕੁਮਾਰ ਉਰਫ ਸੁਨੀਲ ਚੌਧਰੀ ਵਾਸੀ ਮੁੰਡੀਆਂ ਖੁਰਦ ਸ਼ਾਮਿਲ ਹਨ | ਜਾਣਕਾਰੀ ਦਿੰਦੇ ਹੋਏ ਥਾਣਾ ਜਮਾਲਪੁਰ ਦੀ ਐਸ.ਐਚ.ਓ ਬਲਵਿੰਦਰ ਕੌਰ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਉਸ ਸਮੇਤ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ | ਇਹ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਇਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਪੁਲਿਸ ਵੱਲੋਂ ਇਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਮੋਬਾਇਲ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |