ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਨਰਸਿੰਗ ਕਾਲਜ ਅੰਦਰ ਜਬਰੀ ਦਾਖਲ ਹੋ ਕੇ ਭੰਨਤੋੜ ਕਰਨ ਦੇ ਮਾਮਲੇ ਵਿਚ ਪਿਓ-ਪੁੱਤਰ ਸਮੇਤ 15 ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਤਾ ਸਰਸਵਤੀ ਐਜੂਕੇਸ਼ਨਲ ਸੋਸਾਇਟੀ ਪਿੰਡ ਬੀਰਮੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਸੁਸਾਇਟੀ ਦੇ ਸਾਬਕਾ ਵਿੱਤ ਸਕੱਤਰ ਰਜਿੰਦਰ ਕੁਮਾਰ ਭਾਟੀਆ, ਉਸਦੇ ਪੁੱਤਰ ਸੋਨੀ ਭਾਟੀਆ ਅਤੇ 15 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਲਜ ਵਿਚ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਕਾਰਨ ਇਹ ਕਾਲਜ ਪ੍ਰਬੰਧਕਾਂ ਨਾਲ ਰੰਜਿਸ਼ ਰੱਖਣ ਲੱਗ ਪਿਆ | ਬੀਤੇ ਦਿਨ ਉਕਤ ਕਥਿਤ ਦੋਸ਼ੀ ਰਜਿੰਦਰ ਕੁਮਾਰ ਭਾਟੀਆ ਆਪਣੇ ਪੁੱਤਰ ਸੋਨੀ ਭਾਟੀਆ ਤੇ ਹੋਰਨਾਂ ਨਾਲ ਜ਼ਬਰਦਸਤੀ ਕਾਲਜਾਂ ਕਾਲਜ ਵਿਚ ਹਥਿਆਰਾਂ ਸਮੇਤ ਦਾਖਲ ਹੋਇਆ ਅਤੇ ਆਉਂਦਿਆਂ ਹੀ ਕਾਲਜ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਡੀ.ਵੀ.ਆਰ. ਅਤੇ ਹੋਰ ਸਾਮਾਨ ਤੋੜ ਦਿੱਤਾ ਗਿਆ ਅਤੇ ਪ੍ਰਬੰਧਕਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |