ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ, ਸਿਹਤਮੰਦ ਅਤੇ ਪ੍ਰਦੂਸ਼ਣ-ਰਹਿਤ ਢੰਗ ਨਾਲ ਮਨਾਇਆ ਜਾਵੇ | ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ ਦਾ ਤਿਉਹਾਰ ਹੈ, ਪਰ ਇਹ ਵੀ ਜ਼ਰੂਰੀ ਹੈ ਕਿ ਅਸੀਂ ਆਪਣੀ ਤੇ ਹੋਰਨਾਂ ਦੀ ਸਿਹਤ ਤੇ ਸੁਰੱਖਿਆ ਦਾ ਵੀ ਖਿਆਲ ਰੱਖੀਏ | ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀ ਵਧੇਰੇ ਵਰਤੋਂ ਕਰਨ ਨਾਲ ਹਵਾ ਪ੍ਰਦੂਸ਼ਣ, ਸ਼ੋਰ ਪ੍ਰਦੂਸ਼ਣ ਤੇ ਕਈ ਵਾਰ ਅੱਗ ਲੱਗਣ ਵਰਗੇ ਹਾਦਸੇ ਵੀ ਵਾਪਰ ਜਾਂਦੇ ਹਨ | ਇਹ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੁੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖਤਰਾ ਵਧ ਸਕਦਾ ਹੈ | ਇਸ ਲਈ ਪਟਾਕਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ | ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਵੱਡਿਆਂ ਦੀ ਨਿਗਰਾਨੀ ਹੇਠ ਰੱਖਣਾ ਚਾਹੀਦਾ ਹੈ | ਕਦੇ ਵੀ ਖੁੱਲ੍ਹੇ ਕੱਪੜੇ ਜਾਂ ਸਿੰਥੈਟਿਕ ਕੱਪੜੇ ਪਹਿਨ ਕੇ ਪਟਾਕੇ ਨਾ ਚਲਾਏ ਜਾਣ | ਡਾ. ਰਮਨਦੀਪ ਨੇ ਕਿਹਾ ਕਿ ਪ੍ਰਦੂਸ਼ਣ ਕਾਰਨ ਦਮਾ, ਹਿਰਦੇ ਰੋਗ, ਅੱਖਾਂ ਤੇ ਚਮੜੀ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਇਹ ਸਮਾਂ ਖ਼ਤਰਨਾਕ ਸਾਬਤ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਚ ਦੀਵਾਲੀ ਦੌਰਾਨ 24 ਘੰਟੇ ਐਮਰਜੈਂਸੀ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ |