ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਨਿਗਮ ਪ੍ਰਸ਼ਾਸਨ ਵਲੋਂ ਚੌੜਾ ਬਾਜ਼ਾਰ ਦੇ ਦੁਕਾਨਦਾਰਾਂ ਦਾ ਸਾਮਾਨ ਚੱਕ ਕੇ ਉਨ੍ਹਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਤੇ ਮਿਊਾਸੀਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਅਤੇ ਇਸ ਸਮੇਂ ਹਰ ਕੋਈ ਦੁਕਾਨਦਾਰ ਕਮਾਈ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਚਾਹੁੰਦਾ ਹੈ, ਪ੍ਰੰਤੂ ਨਿਗਮ ਪ੍ਰਸ਼ਾਸਨ ਵਲੋਂ ਚੌੜਾ ਬਾਜ਼ਾਰ ਵਿਖੇ ਦੁਕਾਨਦਾਰਾਂ ਨਾਲ ਤਿਉਹਾਰਾਂ ਦੇ ਸੀਜ਼ਨ 'ਚ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੁਕਾਨਦਾਰ ਸਾਰਾ ਸਾਲ ਤਿਉਹਾਰਾਂ ਦੇ ਸੀਜ਼ਨ ਦੀ ਉਡੀਕ ਕਰਦੇ ਹਨ ਅਤੇ ਕਈ ਦੁਕਾਨਦਾਰਾਂ ਨੇ ਆਪਣੀ ਸਾਰੀ ਪੂੰਜੀ ਲਾ ਕੇ ਦੁਕਾਨ ਵਿਚ ਸਮਾਨ ਪਾਇਆ ਹੁੰਦਾ ਹੈ, ਜਿਸ ਨਾਲ ਇਨ੍ਹਾਂ ਦੁਕਾਨਦਾਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਨਿਗਮ ਪ੍ਰਸ਼ਾਸਨ ਨੂੰ ਇਨ੍ਹਾਂ ਦੁਕਾਨਦਾਰਾਂ ਨਾਲ ਧੱਕਾ ਨਹੀਂ ਕਰਨਾ ਚਾਹੀਦਾ ਹੈ ਅਤੇ ਨਿਗਮ ਪ੍ਰਸ਼ਾਸਨ ਵਲੋਂ ਸਿਰਫ਼ ਇਹ ਕਾਰਵਾਈ ਤਿਉਹਾਰਾਂ ਦੇ ਦਿਨਾਂ 'ਚ ਹੀ ਕੀਤੀ ਜਾ ਰਹੀ ਹੈ ਜਦੋਂ ਕਿ ਸਾਰਾ ਸਾਲ ਦੁਕਾਨਦਾਰ ਇਸੇ ਤਰ੍ਹਾਂ ਹੀ ਆਪਣੀਆਂ ਦੁਕਾਨਾਂ ਲਾਉਂਦੇ ਹਨ ਤੇ ਨਿਗਮ ਵਲੋਂ ਉਨ੍ਹਾਂ ਨੂੰ ਬਿਲਕੁਲ ਵੀ ਪ੍ਰੇਸ਼ਾਨ ਨਹੀਂ ਕੀਤਾ ਜਾਂਦਾ |