ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੀਆਂ ਟੁੱਟੀਆਂ ਤੇ ਖਰਾਬ ਸੜਕਾਂ ਨੰੂ ਲੈ ਕੇ ਰਾਜ ਮਨੱੁਖੀ ਅਧਿਕਾਰ ਆਯੋਗ ਪੰਜਾਬ ਵਲੋਂ ਨਗਰ ਨਿਗਮ ਕਮਿਸ਼ਨਰ ਤੋਂ ਰਿਪੋਰਟ ਮੰਗੀ ਗਈ ਹੈ | ਇਹ ਕਾਰਵਾਈ ਆਯੋਗ ਵਲੋਂ ਇਕ ਸ਼ਿਕਾਇਤਕਰਤਾ ਵਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿਚ ਦੱਸਿਆ ਗਿਆ ਕਿ ਸ਼ਹਿਰ ਦੀਆਂ ਸੜਕਾਂ ਖੱਡਿਆਂ ਨਾਲ ਭਰੀਆਂ ਹੋਈਆਂ ਹਨ ਤੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਗਰ ਨਿਗਮ ਵਲੋਂ ਸੜਕਾਂ ਦੀ ਮੁਰੰਮਤ ਸਿਰਫ਼ ਕਾਗਜ਼ੀ ਤੌਰ 'ਤੇ ਕੀਤੀ ਜਾ ਰਹੀ ਹੈ, ਜਿੱਥੇ ਵੀ ਕੰਮ ਕਰਵਾਇਆ ਜਾਂਦਾ ਹੈ, ਉਥੇ ਕੁੱਝ ਦਿਨਾਂ ਵਿਚ ਹੀ ਪੈਚ ਵਰਕ ਉਖੜ ਜਾਂਦਾ ਹੈ ਤੇ ਸੜਕਾਂ ਮੁੜ ਖੱਡਿਆਂ ਵਿਚ ਤਬਦੀਲ ਹੋ ਜਾਂਦੀਆਂ ਹਨ | ਆਯੋਗ ਨੇ ਮਾਮਲੇ ਨੰੂ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਕਮਿਸ਼ਨਰ ਨੰੂ ਅਗਲੀ ਸੁਣਵਾਈ ਤੱਕ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ | ਆਯੋਗ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸੜਕਾਂ ਦੀ ਬੇਹਾਲ ਹਾਲਤ ਕਾਰਨ ਕਿਸੇ ਕਿਸਮ ਦੀ ਜਾਨੀ ਜਾਂ ਮਾਲੀ ਨੁਕਸਾਨ ਵਾਲੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਨਿਗਮ ਪ੍ਰਸ਼ਾਸਨ ਦੀ ਹੋਵੇਗੀ | ਸ਼ਹਿਰ ਦੇ ਵਸਨੀਕਾਂ ਵਲੋਂ ਆਯੋਗ ਦੇ ਇਸ ਕਦਮ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਹੁਣ ਨਿਗਮ ਵਲੋਂ ਸੜਕਾਂ ਦੀ ਹਾਲਤ ਸੁਧਾਰਨ ਵੱਲ ਗੰਭੀਰ ਕਦਮ ਚੁੱਕੇ ਜਾਣਗੇ |