ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਆਪਣੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਦੇਸ਼ ਭਰ ਵਿਚ ਪ੍ਰੈੱਸ ਕਾਨਫ਼ਰੰਸਾਂ ਕਰਕੇ ਸਰਕਾਰ ਤੇ ਪ੍ਰਧਾਨ ਮੰਤਰੀ ਦੀਆਂ ਉਪਲਬਧੀਆਂ ਗਿਣਵਾਈਆਂ ਜਾ ਰਹੀਆਂ ਹਨ, ਪਰ ਕਾਂਗਰਸ ਨੇ 11 ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਦੀਪਾ ਦੂਬੇ ਨੇ ਬੀਤੇ ਕੱਲ੍ਹ ਚੰਡੀਗੜ੍ਹ ਆਏ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਇਸ ਗੱਲ ਦਾ ਜਵਾਬ ਜ਼ਰੂਰ ਦੇਣ ਕਿ 11 ਸਾਲ ਬੀਤ ਗਏ ਹਨ, ਪ੍ਰਧਾਨ ਮੰਤਰੀ ਮੋਦੀ ਨੇ ਇਕ ਵੀ ਪ੍ਰੈੱਸ ਕਾਨਫ਼ਰੰਸ ਨਹੀਂ ਕੀਤੀ, ਉਹ ਕਦੋਂ ਪ੍ਰੈੱਸ ਕਾਨਫ਼ਰੰਸ ਕਰਨਗੇ? ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਨੂੰ 'ਮਨ ਕੀ ਬਾਤ' ਦੱਸਣ ਵਾਲੇ ਪ੍ਰਧਾਨ ਮੰਤਰੀ 11 ਸਾਲਾਂ ਤੋਂ 'ਜਨ ਕੀ ਬਾਤ' ਅਤੇ ਉਨ੍ਹਾਂ ਦੇ ਸਵਾਲਾਂ ਤੋਂ ਕਿਉਂ ਭੱਜਦੇ ਰਹਿੰਦੇ ਹਨ, ਉਹ ਪ੍ਰੈੱਸ ਕਾਨਫ਼ਰੰਸ ਕਿਉਂ ਨਹੀਂ ਕਰਦੇ |